Punjab weather update: ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ
ਮੀਂਹ ਨਾ ਪੈਣ ਕਾਰਨ ਗਰਮੀ ਵਧੀ; ਹੁੰਮਸ ਨੇ ਪ੍ਰੇਸ਼ਾਨੀ ਹੋਰ ਵਧਾਈ
Punjab Weather Heat: ਪੰਜਾਬ ਵਿੱਚ ਅੱਜ ਗਰਮੀ ਦਾ ਕਹਿਰ ਰਿਹਾ ਤੇ ਤੇਜ਼ ਗਰਮੀ ਨੇ ਲੋਕਾਂ ਨੂੰ ਜ਼ਿਆਦਾਤਰ ਸਮਾਂ ਘਰ ਅੰਦਰ ਰਹਿਣ ਲਈ ਮਜਬੂਰ ਕੀਤਾ। ਪੰਜਾਬ ਤੇ ਨੇੜਲੇ ਖੇਤਰਾਂ ਵਿਚ ਮੀਂਹ ਨਹੀਂ ਪਿਆ ਅਤੇ ਤੇਜ਼ ਧੁੱਪ ਕਾਰਨ ਮੌਸਮ ਬਹੁਤ ਗਰਮ ਰਿਹਾ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ਦੇ ਭਾਖੜਾ ਖੇਤਰ ਵਿਚ ਸਭ ਤੋਂ ਵੱਧ ਵੱਧ ਤੋਂ ਵੱਧ ਤਾਪਮਾਨ 36.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਪਿਛਲੇ ਦਿਨਾਂ ਦੌਰਾਨ ਮੌਸਮ ਖੁਸ਼ਕ ਰਿਹਾ ਹੈ, ਜਦੋਂ ਕਿ ਹਵਾ ਵਿੱਚ ਨਮੀ ਜ਼ਿਆਦਾ ਹੋਣ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਵਿੱਚ ਮੀਂਹ ਨੂੰ ਲੈ ਕੇ 13 ਤੋਂ 17 ਸਤੰਬਰ ਤੱਕ ਵੱਖ-ਵੱਖ ਥਾਵਾਂ 'ਤੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਵਿੱਚ ਮੌਨਸੂਨ ਦੀ ਸਰਗਰਮੀ ਮੁੜ ਵਧਣ ਦੀ ਉਮੀਦ ਹੈ ਅਤੇ ਕਈ ਥਾਵਾਂ 'ਤੇ ਹਲਕੇ ਤੋਂ ਦਰਮਿਆਨੇ ਮੀਂਹ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ। ਇਸ ਮੀਂਹ ਦੇ ਸਿਲਸਿਲੇ ਨਾਲ ਸੂਬੇ ਦੇ ਲੋਕਾਂ ਨੂੰ ਪੈ ਰਹੀ ਗਰਮੀ ਅਤੇ ਹੁੰਮਸ ਤੋਂ ਰਾਹਤ ਮਿਲਣ ਦੀ ਪੂਰੀ ਉਮੀਦ ਜਤਾਈ ਜਾ ਰਹੀ ਹੈ।
ਹਰਿਆਣਾ ਵਿੱਚ ਹਲਕਾ ਮੀਂਹ
ਭਾਰਤੀ ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਹਰਿਆਣਾ ਦੀਆਂ ਕੁਝ ਥਾਵਾਂ ’ਤੇ ਮੀਂਹ ਪਿਆ। ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਮੀਂਹ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਦੂਜੇ ਪਾਸੇ ਚੰਡੀਗੜ੍ਹ ਵਿਚ ਤਾਪਮਾਨ 36.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.7 ਡਿਗਰੀ ਵੱਧ ਰਿਹਾ ਹੈ। ਪੰਜਾਬ ਅਤੇ ਹਰਿਆਣਾ ਦੇ ਹੋਰਨਾਂ ਖੇਤਰਾਂ ਦੇ ਮੁਕਾਬਲੇ ਇਹ ਤਾਪਮਾਨ ਸਭ ਤੋਂ ਵੱਧ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਗਰਮੀ ਅਤੇ ਹੁੰਮਸ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਮੌਸਮ ਵਿਭਾਗ ਦੀਆਂ ਆਉਣ ਵਾਲੇ ਦਿਨਾਂ ਵਿੱਚ ਮੀਂਹ ਅਤੇ ਹਨ੍ਹੇਰੀ ਦੀ ਪੇਸ਼ੀਨਗੋਈ ਨੂੰ ਦੇਖਦਿਆਂ ਤਾਪਮਾਨ ਵਿੱਚ ਗਿਰਾਵਟ ਆਉਣ ਅਤੇ ਰਾਹਤ ਮਿਲਣ ਦੀ ਉਮੀਦ ਹੈ।

