ਆਈਪੀਐੱਸ ਖ਼ੁਦਕੁਸ਼ੀ ਮਾਮਲੇ ’ਤੇ ਉੱਠੇ ਸਵਾਲ, ਆਈਏਐੱਸ ਪਤਨੀ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
ਫੌਰੀ ਐੱਫਆਈਆਰ ਦਰਜ ਕਰਨ, ਮੁਲਜ਼ਮਾਂ ਨੂੰ ਮੁਅੱਤਲ ਕਰਨ ਤੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਕੀਤੀ ਮੰਗ
IPS Suicide Case: ਹਰਿਆਣਾ ਦੇ ਸੀਨੀਅਰ ਆਈਪੀਐੱਸ ਅਧਿਕਾਰੀ ਵਾਈ.ਪੂਰਨ ਕੁਮਾਰ ਖ਼ੁਦਕੁਸ਼ੀ ਮਾਮਲੇ ਵਿਚ ਉਨ੍ਹਾਂ ਦੀ ਪਤਨੀ ਤੇ ਆਈਏਐੱਸ ਅਧਿਕਾਰੀ ਅਮਨੀਤ ਪੀ.ਕੁਮਾਰ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਇਕ ਪੱਤਰ ਲਿਖ ਕੇ ਇਸ ਮਾਮਲੇ ਵਿਚ ਫੌਰੀ ਐੱਫਆਈਆਰ ਦਰਜ ਕਰਨ, ਮੁਲਜ਼ਮਾਂ ਨੂੰ ਮੁਅੱਤਲ ਕਰਨ ਤੇ ਮ੍ਰਿਤ ਅਧਿਕਾਰੀ ਦੇ ਪਰਿਵਾਰ ਨੂੰ ਸੁਰੱਖਿਆ ਦੇਣ ਦੀ ਮੰਗ ਕੀਤੀ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਜਾਪਾਨ ਤੋਂ ਪਰਤਣ ਮਗਰੋਂ ਆਈਏਐੱਸ ਅਮਨੀਤ ਪੀ.ਕੁਮਾਰ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕੈਬਨਿਟ ਮੰਤਰੀ ਕ੍ਰਿਸ਼ਨ ਲਾਲ ਪੰਵਾਰ ਅਤੇ ਕ੍ਰਿਸ਼ਨਾ ਬੇਦੀ, ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਇਸ ਮੌਕੇ ਮੌਜੂਦ ਸਨ। ਮੁੱਖ ਮੰਤਰੀ ਇਥੇ ਸੈਕਟਰ 24 ਸਥਿਤ ਸਰਕਾਰੀ ਰਿਹਾਇਸ਼ ’ਤੇ ਅਮਨੀਤ ਪੀ. ਕੁਮਾਰ ਨਾਲ ਮੁਲਾਕਾਤ ਤੋਂ ਬਾਅਦ ਜਾਣ ਵਾਲੇ ਸਨ, ਪਰ ਉਹ ਨਿਵਾਸ ਸਥਾਨ ’ਤੇ ਵਾਪਸ ਆਏ ਅਤੇ ਇੱਕ ਘੰਟਾ ਗੱਲਬਾਤ ਕੀਤੀ।
ਸੂਤਰਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਆਈਏਐੱਸ ਅਧਿਕਾਰੀ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦੋ ਪੰਨਿਆਂ ਦਾ ਪੱਤਰ ਵੀ ਸੌਂਪਿਆ। ਪੱਤਰ ਵਿੱਚ, ਉਨ੍ਹਾਂ ਦੋਸ਼ ਲਗਾਇਆ ਕਿ ਹਰਿਆਣਾ ਪੁਲੀਸ ਅਤੇ ਪ੍ਰਸ਼ਾਸਨ ਦੇ ਕੁਝ ਉੱਚ-ਦਰਜੇ ਦੇ ਅਧਿਕਾਰੀ ਇਸ ਮਾਮਲੇ ਵਿੱਚ ਦੋਸ਼ੀ ਹਨ ਅਤੇ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਆਪਣੇ ਪ੍ਰਭਾਵ ਦੀ ਵਰਤੋਂ ਕਰ ਰਹੇ ਹਨ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸ਼ਕਤੀਸ਼ਾਲੀ ਸੀਨੀਅਰ ਅਧਿਕਾਰੀ ਸਿੱਧੇ ਤੌਰ 'ਤੇ ਮਾਮਲੇ ਵਿੱਚ ਸ਼ਾਮਲ ਹਨ ਅਤੇ ਐਫਆਈਆਰ ਦਰਜ ਕਰਨ ਤੋਂ ਰੋਕ ਰਹੇ ਹਨ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਕਾਬਿਲੇਗੌਰ ਹੈ ਕਿ ਆਈਏਐੱਸ ਅਧਿਕਾਰੀ ਅਮਨੀਤ ਪੀ. ਕੁਮਾਰ ਨੇ ਬੁੱਧਵਾਰ ਨੂੰ ਚੰਡੀਗੜ੍ਹ ਪੁਲੀਸ ਕੋਲ ਇੱਕ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਹਰਿਆਣਾ ਦੇ ਡੀਜੀਪੀ ਸ਼ਤਰੂਘਨ ਕਪੂਰ ਅਤੇ ਰੋਹਤਕ ਦੇ ਪੁਲੀਸ ਸੁਪਰਡੈਂਟ ਨਰਿੰਦਰ ਬਿਜਾਰਨੀਆ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਵਿਚ ਕੁਮਾਰ ਨੇ ਆਪਣੇ ਪਤੀ ਦੀ ਮੌਤ ਲਈ ਦੋਵਾਂ ਅਧਿਕਾਰੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।