ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਅਪਮਾਨ ਕੀਤਾ:‘ਆਪ’
ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੂਨ
ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਅਪਮਾਨ ਕਰਨ ਦਾ ਦੋਸ਼ ਲਾਇਆ ਹੈ। ‘ਆਪ’ ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਲੁਧਿਆਣਾ ਪੱਛਮੀ ਸੀਟ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਲਈ ਪ੍ਰਚਾਰ ਕਰਨ ਆਈ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਅਪਮਾਨਜਨਕ ਢੰਗ ਨਾਲ ਸੰਬੋਧਨ ਕੀਤਾ। ਇਸ ਨਾਲ ਸਿੱਖ ਭਾਈਚਾਰੇ ਨੂੰ ਬਹੁਤ ਦੁੱਖ ਪਹੁੰਚਿਆ ਹੈ। ਸਿੱਖ ਭਾਈਚਾਰਾ ਚਾਹੁੰਦਾ ਹੈ ਕਿ ਮੁੱਖ ਮੰਤਰੀ ਰੇਖਾ ਗੁਪਤਾ ਮੁਆਫ਼ੀ ਮੰਗਣ। ਉਨ੍ਹਾਂ ਦਿੱਲੀ ਸਰਕਾਰ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੂੰ ਅਪੀਲ ਕੀਤੀ ਕਿ ਉਹ ਆਪਣੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦੱਸਣ ਕਿ ਸਿੱਖ ਗੁਰਦੁਆਰਿਆਂ ਨੂੰ ਕਿਵੇਂ ਸੰਬੋਧਨ ਕਰਦੇ ਹਨ। ਵਿਧਾਇਕ ਨੇ ਸੋਮਵਾਰ ਨੂੰ ਪਾਰਟੀ ਹੈੱਡਕੁਆਰਟਰ ‘ਤੇ ਪੂਰਨਦੀਪ ਸਾਹਨੀ ਨਾਲ ਪ੍ਰੈਸ ਕਾਨਫਰੰਸ ਕੀਤੀ। ਲੁਧਿਆਣਾ ਪੱਛਮੀ ਵਿੱਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਰੇਖਾ ਗੁਪਤਾ ਦੀ ਵੀਡੀਓ ਕਲਿੱਪ ਦਿਖਾਉਂਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਿੱਚ ਰੇਖਾ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਨੂੰ ਜਿਸ ਤਰ੍ਹਾਂ ਸੰਬੋਧਨ ਕੀਤਾ ਹੈ, ਉਹ ਸਿੱਖ ਭਾਈਚਾਰੇ ਲਈ ਇਤਰਾਜ਼ਯੋਗ ਹੈ। ਉਨ੍ਹਾਂ ਕਿਹਾ ਕਿ ਸਿਰਸਾ ਹਾਲ ਹੀ ਵਿੱਚ ਪੰਜਾਬ ਵਿੱਚ ਪ੍ਰੈੱਸ ਕਾਨਫਰੰਸ ਵਿੱਚ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਸਨ। ਰਾਜਨੀਤੀ ਨੂੰ ਇੱਕ ਪਾਸੇ ਰੱਖਦਿਆਂ, ਸਿੱਖ ਭਾਈਚਾਰਾ ਪੁੱਛਣਾ ਚਾਹੁੰਦਾ ਹੈ ਕਿ ਰੇਖਾ ਗੁਪਤਾ ਨੇ ਇਹ ਬੇਅਦਬੀ ਕਿਉਂ ਕੀਤੀ ਅਤੇ ਉਹ ਮੁਆਫ਼ੀ ਮੰਗਣ ਤੋਂ ਕਿਉਂ ਝਿਜਕ ਰਹੀ ਹੈ।
ਮੁੱਖ ਮੰਤਰੀ ਅਰੋੜਾ ਭਾਈਚਾਰੇ ਤੋਂ ਮੁਆਫ਼ੀ ਮੰਗਣ: ਅੰਕੁਸ਼ ਨਾਰੰਗ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਅਰੋੜਾ ਭਾਈਚਾਰੇ ਬਾਰੇ ਦਿੱਤੇ ਗਏ ਦਿੱਤੇ ਬਿਆਨ ਨੂੰ ਇਤਰਾਜ਼ਯੋਗ ਕਰਾਰ ਦਿੱਤਾ ਹੈ। ਦਿੱਲੀ ਨਗਰ ਨਿਗਮ (ਐਮਸੀਡੀ) ਵਿੱਚ ਵਿਰੋਧੀ ਧਿਰ ਦੇ ਆਗੂ ਅੰਕੁਸ਼ ਨਾਰੰਗ ਨੇ ਕਿਹਾ ਕਿ ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਅਪਮਾਨਜਨਕ ਬਿਆਨ ਦੇਣ ਲਈ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਵਿਰੁੱਧ ਅਰੋੜਾ ਭਾਈਚਾਰੇ ਵਿੱਚ ਭਾਰੀ ਗੁੱਸਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੂੰ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ ਅਤੇ ਸਮੁੱਚੇ ਪੰਜਾਬੀ ਅਤੇ ਅਰੋੜਾ ਭਾਈਚਾਰੇ ਤੋਂ ਜਨਤਕ ਤੌਰ ‘ਤੇ ਮੁਆਫ਼ੀ ਮੰਗਣੀ ਚਾਹੀਦੀ ਹੈ।