ਆਤਿਸ਼ ਗੁਪਤਾ
ਚੰਡੀਗੜ੍ਹ, 10 ਜਨਵਰੀ
ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਯੂਥ ਵਿੰਗ ਨੇ ਐਲਾਨ ਕੀਤਾ ਹੈ ਕਿ ਖੇਤੀ ਕਾਨੂੰਨ ਰੱਦ ਨਾ ਹੋਣ ਦੇ ਰੋਸ ਵਜੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸੂਬੇ ਦੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਸਣੇ ਹੋਰਨਾਂ ਕੈਬਨਿਟ ਮੰਤਰੀਆਂ ਨੂੰ ਤਿਰੰਗਾ ਨਹੀਂ ਲਹਿਰਾਉਣ ਦਿੱਤਾ ਜਾਵੇਗਾ। ਜਥੇਬੰਦੀ ਦੇ ਯੂਥ ਵਿੰਗ ਦੇ ਆਗੂ ਰਵੀ ਆਜ਼ਾਦ ਨੇ ਦੱਸਿਆ ਕਿ ਇਹ ਫ਼ੈਸਲਾ ਲੰਘੀ ਸ਼ਾਮ ਹਰਿਆਣਾ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੀਤੀ ਬੈਠਕ ਵਿੱਚ ਲਿਆ। ਉਨ੍ਹਾਂ ਦੱਸਿਆ ਕਿ ਦਿੱਲੀ ਦੀਆਂ ਹੱਦਾਂ ’ਤੇ ਚੱਲ ਰਹੇ ਸੰਘਰਸ਼ ਵਾਂਗ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਜੇਜੇਪੀ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ਅੱਜ ਕਰਨਾਲ ਦੇ ਪਿੰਡ ਕੈਮਲਾ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਵਿਰੋਧ ਕੀਤਾ ਗਿਆ ਹੈ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਭਾਜਪਾ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਅੰਬਾਲਾ ਅਤੇ ਪੰਚਕੂਲਾ ਵਿੱਚ ਮੁੱਖ ਮੰਤਰੀ ਅਤੇ ਉਚਾਣਾ ਵਿੱਚ ਉਪ ਮੁੱਖ ਮੰਤਰੀ ਦਾ ਵਿਰੋਧ ਕੀਤਾ ਜਾ ਚੁੱਕਾ ਹੈ। ਰਵੀ ਆਜ਼ਾਦ ਨੇ ਦੱਸਿਆ ਕਿ ਹਰਿਆਣਾ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਮੌਕੇ ਕੱਢੀ ਜਾਣ ਵਾਲੀ ‘ਟਰੈਕਟਰ ਮਾਰਚ ਪਰੇਡ’ ਦੀਆਂ ਤਿਆਰੀਆਂ ਕੀਤੀਆਂ ਜਾ ਰਹੀ ਹਨ। ਇਸ ਲਈ ਸੂਬੇ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਹਰ ਪਿੰਡ ਵਿੱਚੋਂ 10 ਟਰੈਕਟਰ ਅਤੇ ਹਰ ਘਰ ਵਿੱਚੋਂ ਇਕ ਜਣਾ ਦਿੱਲੀ ਪਰੇਡ ਵਿੱਚ ਹਿੱਸਾ ਲਵੇ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਹਰਿਆਣਾ ਵਿੱਚ ਵੀ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਹਰਿਆਣਾ ਦੀਆਂ ਸਾਰੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ ਵਿੱਚ ਯੂਨੀਅਨ ਦੀਆਂ ਕਮੇਟੀਆਂ ਬਣਾਉਣ ਤਾਂ ਜੋ ਕਿਸਾਨੀ ਸੰਘਰਸ਼ ਦੀ ਵਿਉਂਤਬੰਦੀ ਆਸਾਨੀ ਨਾਲ ਪਿੰਡ ਪੱਧਰ ਤਕ ਪਹੁੰਚਾਈ ਜਾ ਸਕੇ। ਯੂਨੀਅਨ ਆਗੂ ਹਰਪਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਟਰੈਕਟਰ ਮਾਰਚ ਲਈ ਲਾਮਬੰਦੀ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਖ਼ਿਲਾਫ਼ ਰੋਹ ਵਧਦਾ ਜਾ ਰਿਹਾ ਹੈ। ਇਸ ਤਹਿਤ ਵੱਡੀ ਗਿਣਤੀ ਭਾਜਪਾ ਆਗੂ ਵੀ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਆਖ ਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰ ਰਹੇ ਹਨ।