ਪੱਤਰ ਪ੍ਰੇਰਕ
ਫਰੀਦਾਬਾਦ, 17 ਨਵੰਬਰ
ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਰਣਬੀਰ ਗੰਗਵਾ ਨੇ ਕਿਹਾ ਕਿ ਵਿਧਾਨ ਸਭਾ ਦੇ ਸੈਸ਼ਨ ਵਿੱਚ ਪੰਚਾਇਤੀ ਰਾਜ ਚੋਣਾਂ ਵਿੱਚ ਬੀਸੀ-ਏ ਵਰਗ ਨਾਲ ਸਬੰਧਤ ਲੋਕਾਂ ਨੂੰ ਅੱਠ ਫ਼ੀਸਦ ਰਾਖਵਾਂਕਰਨ ਦੇਣ ਦਾ ਕਾਨੂੰਨ ਪਾਸ ਕੀਤਾ ਗਿਆ। ਮਨੋਹਰ ਲਾਲ ਨੇ ਇਹ ਤੋਹਫਾ ਬੀਸੀ-ਏ ਵਰਗ ਦੇ ਲੋਕਾਂ ਨੂੰ ਦਿੱਤਾ ਹੈ ਜੋ ਛੋਟੀਆਂ ਮਸ਼ੀਨਾਂ ਤੇ ਨਾਈ ਦੀਆਂ ਦੁਕਾਨਾਂ ’ਤੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਾਗਮ 29 ਨਵੰਬਰ ਨੂੰ ਹਿਸਾਰ ਦੇ ਪੁਰਾਣੇ ਸਰਕਾਰੀ ਕਾਲਜ ਮੈਦਾਨ ਵਿੱਚ ਹੋਵੇਗਾ। ਉਹ ਪਛੜੇ ਵਰਗ ਦੇ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਨ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਡਿਪਟੀ ਸਪੀਕਰ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਇਹ ਫ਼ੈਸਲਾ ਵਰਦਾਨ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਰਾਖਵੇਂਕਰਨ ਤਹਿਤ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪਰਿਸ਼ਦ ਵਿੱਚ ਘੱਟੋ ਘੱਟ ਦੋ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਸਰਪੰਚਾਂ ਦੀਆਂ ਅਸਾਮੀਆਂ ’ਤੇ ਨੁਮਾਇੰਦਗੀ ਵੀ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਦੇ 10 ਜ਼ਿਲ੍ਹੇ ਅਜਿਹੇ ਹਨ ਜਿਥੇ ਆਬਾਦੀ ਘੱਟ ਹੈ ਫਿਰ ਜ਼ਿਲ੍ਹਾ ਪਰਿਸ਼ਦ ਵਿੱਚ ਨਿਸ਼ਚਤ ਤੌਰ ’ਤੇ ਬੀਸੀ-ਏ ਦੀਆਂ ਦੋ ਸੀਟਾਂ ਹੋਣਗੀਆਂ।