ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 20 ਨਵੰਬਰ
ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬਚਾਅ ਕਰਦਿਆਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੱਦ ਹੋਰ ਉੱਚਾ ਹੋ ਗਿਆ ਹੈ। ਉਹ ਅੱਜ ਇਥੇ ਮੀਡੀਆ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੇ ਬਿਆਨ ’ਤੇ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਬੱਚੇ ਜੋ ਅੱਜ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਚਹਿਕ ਰਹੇ ਹਨ, ਉਨ੍ਹਾਂ ਨੂੰ ਪਹਿਲਾਂ ਆਪਣੀ ਪਾਰਟੀ ਦਾ ਇਤਿਹਾਸ ਜਾਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਲੋਕਤੰਤਰ ’ਤੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਕਾਂਗਰਸ ਨੇ ਕਦੇ ਵੀ ਲੋਕਤੰਤਰ ਦੀ ਲਾਜ ਨਹੀਂ ਰੱਖੀ। ਉਨ੍ਹਾਂ ਕਿਹਾ ਸਾਰਿਆਂ ਨੂੰ ਪ੍ਰਧਾਨ ਮੰਤਰੀ ਦੇ ਐਲਾਨ ਦਾ ਆਦਰ ਕਰਨਾ ਚਾਹੀਦਾ ਹੈ, ਜਿਨ੍ਹਾਂ ਬਹੁਤ ਵੱਡੀ ਮਿਸਾਲ ਪੇਸ਼ ਕੀਤੀ ਹੈ।