ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ,13 ਅਕਤੂਬਰ
ਸ਼ੂਗਰ ਕੇਨ ਕੰਟਰੋਲ ਬੋਰਡ ਦੇ ਮੈਂਬਰ ਤੇ ਜਜਪਾ ਦੇ ਜ਼ਿਲ੍ਹਾ ਯੁਵਾ ਪ੍ਰਧਾਨ ਡਾ. ਜਸਵਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਹੈ ਕਿ ਝੋਨੇ ਦੀ ਖਰੀਦ ਨੂੰ ਲੈ ਕੇ ਸਰਕਾਰ ਗੰਭੀਰ ਹੈ ਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ। ਉਨਾਂ ਨੇ ਅੱਜ ਪਿਹੋਵਾ, ਲੁਖੀ, ਮਲਿਕ ਪੁਰ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਝੋਨਾ ਸੁਚਾਰੂ ਰੂਪ ਨਾਲ ਖਰੀਦਿਆ ਜਾ ਰਿਹਾ ਹੈ। ਸਰਕਾਰ ਨੇ ਖਰੀਦ ਦੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਤੇ ਬਰਸਾਤ ਦੇ ਮੌਸਮ ਵਿਚ ਵੀ ਖਰੀਦ ਪ੍ਰਬੰਧ ਸਹੀ ਹੈ। ਇਸ ਤੋਂ ਬਾਅਦ ਵੀ ਜੇ ਕਿਸੇ ਕਿਸਾਨ ਨੂੰ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਖਰੀਦ ਤੋਂ ਬਾਅਦ 48 ਘੰਟੇ ਵਿਚ ਹੀ ਕਿਸਾਨ ਦੇ ਖਾਤੇ ਵਿਚ ਪੈਸੇ ਆ ਜਾਂਦੇ ਹਨ। ਇਸ ਕਰਕੇ ਕਿਸਾਨਾਂ ਦੇ ਚਿਹਰਿਆਂ ’ਤੇ ਰੌਣਕ ਹੈ।