ਸਤਨਾਮ ਸਿੰਘ
ਸ਼ਾਹਬਾਦ ਮਾਰਕੰਡਾ, 5 ਅਕਤੂਬਰ
ਇੱਥੋਂ ਦੀ ਅਨਾਜ ਮੰਡੀ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਐੱਸਡੀਐੱਮ ਕਪਿਲ ਸ਼ਰਮਾ ਨੇ ਅਧਿਕਾਰੀਆਂ ਨੂੰ ਖ਼ਰੀਦ ਪ੍ਰਬੰਧ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਕਿਸਾਨਾਂ, ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ ਅਤੇ ਫ਼ਸਲ ਦਾ ਭੁਗਤਾਨ ਵੀ ਨਿਯਮਾਂ ਮੁਤਾਬਿਕ ਕੀਤਾ ਜਾਵੇ। ਉਨ੍ਹਾਂ ਫੂਡ ਸਪਲਾਈ ਤੇ ਮਾਰਕੀਟ ਅਧਿਾਰੀਆਂ ਨਾਲ ਅਨਾਜ ਮੰਡੀ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਬੋਰੀਆਂ ਵਿੱਚ ਭਰੇ ਜਾ ਰਹੇ ਝੋਨੇ ਦੀ ਨਮੀ ਚੈੱਕ ਕੀਤੀ ਅਤੇ ਤੋਲ ਦਾ ਜਾਇਜ਼ਾ ਵੀ ਲਿਆ। ਐੱਸਡੀਐੱਮ ਨੇ ਕਿਸਾਨਾਂ ਤੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਰੂਪ ਵਿਚ ਚਲਦਾ ਰਹਿਣਾ ਚਾਹੀਦਾ ਹੈ ਤੇ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਐਲਾਨ ਵੀ ਕੀਤਾ। ਇਸ ਮੌਕੇ ਉਨ੍ਹਾਂ ਮੰਡੀਆਂ ਵਿੱਚ ਗੇਟ ਪਾਸ ਤੋਂ ਲੈ ਕੇ ਖਰੀਦ ਬਾਰੇ ਪੂਰੀ ਰਿਪੋਰਟ ਹਾਸਲ ਕੀਤੀ।