ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਫ਼ਸਲ...
ਝੋਨੇ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੱਖ-ਵੱਖ ਖਰੀਦ ਏਜੰਸੀਆਂ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਰੀਦੀ ਫ਼ਸਲ ਦੀ ਨਾਲੋ-ਨਾਲ ਅਦਾਇਗੀ ਤੇ ਲਿਫ਼ਟਿੰਗ ਕਰਵਾਈ ਜਾਵੇ। ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕੀ ਫ਼ਸਲ ਹੀ ਲਿਆਉਣ ਤਾਂ ਕਿ ਉਹਨਾਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਵੀ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਚਾਲਕਾਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਕਟਾਈ ਸ਼ਾਮ 6 ਵਜੇ ਤੋਂ ਬਾਅਦ ਅਤੇ ਸਵੇਰੇ 10 ਵਜੇ ਤੋਂ ਪਹਿਲਾਂ ਨਹੀਂ ਹੋ ਸਕੇਗੀ ਅਤੇ ਕੰਬਾਇਨਾਂ ਉਤੇ ਸੁਪਰ ਐਸ.ਐਮ.ਐਸ ਲੱਗੇ ਹੋਣੇ ਚਾਹੀਦੇ ਹਨ ਪਰ ਜੇਕਰ ਕੋਈ ਕੰਬਾਇਨ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਕੰਬਾਇਨ ਜ਼ਬਤ ਕਰ ਲਈ ਜਾਵੇਗੀ। ਉਨ੍ਹਾਂ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਫ਼ਸਲ ਦੀ ਖਰੀਦ ਨਿਰਵਿਘਨ ਢੰਗ ਨਾਲ ਕਰਵਾਉਣ ਅਤੇ ਖਰੀਦੀ ਜਿਣਸ ਦੀ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਅਤੇ ਲਿਫਟਿੰਗ ਯਕੀਨੀ ਬਣਾਉਣ। ਇਸ ਮੌਕੇ ਏ ਡੀ ਸੀ ਨਵਰੀਤ ਕੌਰ ਸੇਖੋਂ, ਡੀ.ਐਫ.ਐਸ.ਸੀ ਡਾ. ਰਵਿੰਦਰ ਕੌਰ ਸਮੇਤ ਜ਼ਿਲ੍ਹਾ ਮੰਡੀ ਅਫ਼ਸਰ ਤੇ ਖਰੀਦ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ।

