ਅਨਾਜ ਮੰਡੀ ’ਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਨਾਰਾਇਣਗੜ੍ਹ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਮਗਰੋਂ ਸਾਬਕਾ ਵਿਧਾਇਕ ਡਾ. ਪਵਨ ਸੈਣੀ ਨੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਭਾਜਪਾ ਜ਼ਿਲ੍ਹਾ ਉਪ ਪ੍ਰਧਾਨ ਸੰਦੀਪ ਸੈਣੀ ਅੰਬਲੀ, ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਸ਼ਰਮਾ, ਖਰੀਦ ਏਜੰਸੀ ਹੈਫੇਡ ਦੇ ਅਧਿਕਾਰੀ ਅਤੇ ਕਮਿਸ਼ਨ ਏਜੰਟ ਮਦਨ ਚਾਨਣਾ, ਓਮ ਪ੍ਰਕਾਸ਼ ਚਾਨਣਾ ਅਤੇ ਹੋਰ ਕਮਿਸ਼ਨ ਏਜੰਟ ਮੌਜੂਦ ਸਨ।
ਪਵਨ ਸੈਣੀ ਨੇ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲੇ ਨਰਾਤੇ ’ਤੇ ਝੋਨੇ ਦੀ ਖਰੀਦ ਸ਼ੁਰੂ ਕਰ ਕੇ ਕਿਸਾਨਾਂ ਨੂੰ ਇੱਕ ਤੋਹਫ਼ਾ ਦਿੱਤਾ ਹੈ, ਜਦੋਂ ਕਿ ਝੋਨੇ ਦਾ ਖਰੀਦ ਸੀਜ਼ਨ ਆਮ ਤੌਰ ’ਤੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਪ੍ਰਤੀ ਸਰਕਾਰ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਖਰੀਦ ਏਜੰਸੀ ਦੇ ਅਧਿਕਾਰੀਆਂ ਨੂੰ ਪਾਰਦਰਸ਼ਤਾ ਅਤੇ ਵਰਤੋਂ ਵਿੱਚ ਸੌਖ ਯਕੀਨੀ ਬਣਾਉਣ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਕਿਸਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮੰਡੀਆਂ ਵਿੱਚ ਬਿਜਲੀ, ਪਾਣੀ ਅਤੇ ਸਫਾਈ ਦੇ ਢੁਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮਾਰਕੀਟ ਕਮੇਟੀ ਦੇ ਸਕੱਤਰ ਅਖਿਲੇਸ਼ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਰਾਇਣਗੜ੍ਹ ਅਨਾਜ ਮੰਡੀ ਅਤੇ ਖਰੀਦ ਕੇਂਦਰਾਂ ਭਰੇੜੀ ਅਤੇ ਬਰਖੇੜੀ ਵਿੱਚ ਝੋਨੇ ਦੀ ਆਮਦ ਸ਼ੁਰੂ ਹੋਨ ਤੋਂ ਪਹਿਲਾਂ ਹੀ ਬਿਜਲੀ, ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ।