ਪਾਣੀ ਦੀ ਨਿਕਾਸੀ ਤੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ
ਡੀ ਸੀ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ; ਨਾਲਿਆਂ ਦੀ ਸਫ਼ਾਈ ਦੇ ਨਿਰਦੇਸ਼
ਮੌਨਸੂਨ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਨਿਕਾਸੀ ਪ੍ਰਬੰਧਾਂ ਅਤੇ ਸੰਭਾਵਿਤ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਵਿਵੇਕ ਭਾਰਤੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਨਿਕਾਸੀ ਪ੍ਰਬੰਧਾਂ, ਨਾਲਿਆਂ ਦੀ ਸਫ਼ਾਈ ਅਤੇ ਹੜ੍ਹ ਰੋਕੂ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਤੋਂ ਪਹਿਲਾਂ ਹਰਿਆਣਾ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਮੌਨਸੂਨ ਸੀਜ਼ਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਤੋਂ ਬਾਅਦ ਡੀ ਸੀ ਡਾ. ਵਿਵੇਕ ਭਾਰਤੀ ਨੇ ਸਥਾਨਕ ਪੱਧਰ ’ਤੇ ਅਧਿਕਾਰੀਆਂ ਨਾਲ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਨਸੂਨ ਦੌਰਾਨ ਜ਼ਿਲ੍ਹੇ ਦੇ ਕਿਸੇ ਵੀ ਹਿੱਸੇ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਨਹੀਂ ਹੋਣੀ ਚਾਹੀਦੀ। ਇਸ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਪਹਿਲਾਂ ਤੋਂ ਹੀ ਪੂਰੀ ਤਿਆਰੀ ਯਕੀਨੀ ਬਣਾਉਣ। ਉਨ੍ਹਾਂ ਨੇ ਜਨ-ਸਿਹਤ ਇੰਜਨੀਅਰਿੰਗ ਵਿਭਾਗ, ਸਿੰਜਾਈ ਵਿਭਾਗ ਅਤੇ ਹੋਰ ਸਬੰਧਤ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਕੀਤੀ ਜਾਵੇ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਉਨ੍ਹਾਂ ਖੇਤਰਾਂ ਦੀ ਨਿਗਰਾਨੀ ਦੇ ਨਿਰਦੇਸ਼ ਦਿੱਤੇ ਜਿੱਥੇ ਹਰ ਸਾਲ ਮੀਂਹ ਦੌਰਾਨ ਪਾਣੀ ਭਰਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਬੰਧਤ ਵਿਭਾਗਾਂ ਕੋਲ ਪੂਰੀ ਤਿਆਰੀ ਹੋਣੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਪਾਣੀ ਨਿਕਾਸੀ ਦੀ ਸਹੀ ਪ੍ਰਬੰਧ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ।
ਡੀ ਸੀ ਨੇ ਕਿਹਾ ਕਿ ਬਰਸਾਤ ਦੇ ਸਮੇਂ ਸੜਕਾਂ ’ਤੇ ਪਾਣੀ ਇਕੱਠਾ ਹੋਣ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਨਾਲਿਆਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਡੀ ਐੱਮ ਸੀ ਪ੍ਰਵੀਨ ਕੁਮਾਰ, ਐੱਸ ਡੀ ਐੱਮ ਰਾਜੇਸ਼ ਕੁਮਾਰ, ਡੀ ਆਰ ਓ ਸ਼ਿਆਮ ਲਾਲ, ਡੀ ਡੀ ਪੀ ਓ ਅਨੂਪ ਸਿੰਘ ਆਦਿ ਹਾਜ਼ਰ ਸਨ।
