ਦਵਿੰਦਰ ਸਿੰਘ
ਯਮੁਨਾਨਗਰ, 14 ਜੁਲਾਈ
ਗੁਰੂ ਨਾਨਕ ਗਰਲਜ਼ ਕਾਲਜ ਦੇ ਵਿਹੜੇ ਵਿੱਚ ਹਰ ਸਾਲ ਦੀ ਤਰ੍ਹਾਂ ‘ਸਖੀ ਪ੍ਰਤਿਭਾ ਖੋਜ’ ਸਮਾਗਮ ਮਨਾਇਆ ਗਿਆ। ਤੀਜ ਤਿਉਹਾਰ ਨੂੰ ਸਮਰਪਿਤ ਸਮਾਗਮ ਦਾ ਉਦੇਸ਼ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨਾ ਸੀ। ਸਖੀ ਫਾਊਂਡੇਸ਼ਨ ਦੀ ਸੰਸਥਾਪਕ ਰੋਜ਼ੀ ਮਲਿਕ ਨੇ ਕਿਹਾ ਕਿ ਇਹ ਪ੍ਰੋਗਰਾਮ ਔਰਤਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਪ੍ਰਦਾਨ ਕਰਦਾ ਹੈ। ਕਾਲਜ ਦੇ ਜਨਰਲ ਸਕੱਤਰ ਐੱਮਐੱਸ ਸਾਹਨੀ ਨੇ ਕਿਹਾ ਕਿ ਇਹ ਸਮਾਗਮ ਔਰਤਾਂ ਲਈ ਇੱਕ ਮਹੱਤਵਪੂਰਨ ਪਲੇਟਫਾਰਮ ਸਾਬਤ ਹੋ ਰਿਹਾ ਹੈ। ਉਨ੍ਹਾਂ ਇਸ ਲਈ ਕਾਲਜ ਟੀਮ ਦੀ ਸ਼ਲਾਘਾ ਕੀਤੀ। ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਕਿਹਾ ਕਿ ਪ੍ਰੋਗਰਾਮ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਭਾਗੀਦਾਰਾਂ ਨੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ । ਡਾ. ਗਾਂਧੀ ਨੇ ਸਾਰੇ ਭਾਗੀਦਾਰਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਤੀਜ ਤਿਉਹਾਰ ਦੇ ਮੌਕੇ ‘ਤੇ ਸਮਾਗਮ ਵਿੱਚ ਵਿਸ਼ੇਸ਼ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ । ਕਾਲਜ ਪ੍ਰਿੰਸੀਪਲ ਪ੍ਰੋਫੈਸਰ ਨਰਿੰਦਰ ਪਾਲ ਕੌਰ ਨੇ ਸਾਰੇ ਪ੍ਰਬੰਧਕਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਭਾਗੀਦਾਰਾਂ ਨੂੰ ਇਨਾਮ ਅਤੇ ਸਰਟੀਫਿਕੇਟ ਵੰਡੇ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਅਕ ਅਤੇ ਸੱਭਿਆਚਾਰਕ ਸਮਾਗਮਾਂ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਤਿਭਾ ਨਿਖਾਰਨ ਲਈ ਉਮਰ ਦੀ ਕੋਈ ਸੀਮਾ ਨਹੀਂ ਹੁੰਦੀ । ਅਜਿਹੇ ਸਮਾਗਮ ਔਰਤਾਂ ਨੂੰ ਆਪਣੀ ਪ੍ਰਤਿਭਾ ਅਤੇ ਸੱਭਿਆਚਾਰ ਦਾ ਪ੍ਰਦਰਸ਼ਨ ਕਰਨ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਦੇ ਹਨ ।