ਸੱਤਪਾਲ ਰਾਮਗੜ੍ਹੀਆ
ਪਿਹੋਵਾ, 18 ਅਪਰੈਲ
ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਅੱਗ ਸੜਨ ਵਾਲੇ ਸਾਰੇ ਪੀੜਤ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਸਰਕਾਰ ਦੇ ਦਰਵਾਜ਼ੇ ਹਰ ਸਮੇਂ ਕਿਸਾਨਾਂ ਲਈ ਖੁੱਲ੍ਹੇ ਹਨ। ਜ਼ਰੂਰਤ ਮੌਕੇ ਕਿਸਾਨ ਕਿਸੇ ਵੀ ਸਮੇਂ ਉਨ੍ਹਾਂ ਨੂੰ ਮਿਲ ਸਕਦੇ ਹਨ। ਖੇਡ ਮੰਤਰੀ ਸੰਦੀਪ ਸਿੰਘ ਪਿੰਡ ਗਲੇਡਵਾ ਦੇ ਖੇਤਾਂ ਵਿੱਚ ਲੱਗੀ ਅੱਗ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਕਿਸਾਨ ਸਾਰੇ ਦੇਸ਼ ਦਾ ਢਿੱਡ ਭਰਦਾ ਹੈ ਅਤੇ ਅਜਿਹੀ ਸਥਿਤੀ ਵਿਚ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਿਸਾਨ ਦੇ ਮੋਢੇ ਨਾਲ ਮੋਢਾ ਲਾ ਕੇ ਉਸ ਦੀ ਮਦਦ ਕਰੇ। ਉਨ੍ਹਾਂ ਦੱਸਿਆ ਕਿ ਕਈ ਦਿਨ ਪਹਿਲਾਂ ਡੇਰਾ ਫਤਹਿ ਸਿੰਘ ਵਿੱਚ ਉਨ੍ਹਾਂ ਨੂੰ ਕਈ ਕਿਸਾਨਾਂ ਦੇ ਖੇਤਾਂ ਵਿੱਚ ਅੱਗ ਲੱਗਣ ਕਾਰਨ ਫਸਲ ਸੜਨ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਅਜਿਹੇ ਕਿਸਾਨਾਂ ਲਈ ਪ੍ਰਾਈਵੇਟ ਫੰਡ ਵਿਚੋਂ ਪ੍ਰਤੀ ਏਕੜ 11 ਹਜ਼ਾਰ ਦੇਣ ਦਾ ਐਲਾਨ ਕੀਤਾ ਹੈ। ਖੇਡ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਹੋਏ ਨੁਕਸਾਨ ਬਾਰੇ ਸਰਕਾਰ ਦੀ ਨੀਤੀ ਤਹਿਤ ਜੋ ਵੀ ਮਦਦ ਕੀਤੀ ਜਾਂਦੀ ਹੈ, ਇਸ ਨੂੰ ਕਿਸਾਨਾਂ ਤੱਕ ਪਹੁੰਚਾਇਆ ਜਾਵੇਗਾ। ਬਿਜਲੀ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਦੋਂ ਤੱਕ ਫਸਲ ਦੀ ਕਟਾਈ ਨਹੀਂ ਹੋ ਜਾਂਦੀ, ਖੇਤਾਂ ਵਿਚ ਦਿਨ ਦੀ ਬਿਜਲੀ ਸਪਲਾਈ ਬੰਦ ਰੱਖੀ ਜਾਵੇ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ ਕਿ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚ ਕੇ ਮਦਦ ਲਈ ਨੇੜਲੇ ਫਾਇਰ ਸਟੇਸ਼ਨਾਂ ਤੋਂ ਵਾਹਨਾਂ ਨੂੰ ਬੁਲਾਉਣ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਣਕ ਦੇ ਸੀਜ਼ਨ ਦੌਰਾਨ ਉਹ ਖੁਦ ਵੀ ਆਪਣੇ ਖੇਤੀਬਾੜੀ ਕਾਰਜਾਂ ਵਿੱਚ ਵਰਤੇ ਜਾਣ ਵਾਲੇ ਸਪਰੇਅ ਪੰਪ ਅਤੇ ਟੈਂਕਰ ਵਿੱਚ ਪਾਣੀ ਭਰਨ ਤਾਂ ਜੋ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਇਸ ਦੇ ਪੱਧਰ ’ਤੇ ਰਾਹਤ ਕਾਰਜ ਸ਼ੁਰੂ ਕੀਤਾ ਜਾ ਸਕੇ।