ਸਫ਼ਾਈ ਕਰਮਚਾਰੀਆਂ ਵੱਲੋਂ ਕੌਂਸਲ ਦਫ਼ਤਰ ਅੱਗੇ ਧਰਨਾ
ਮਿਹਰ ਸਿੰਘ
ਕੁਰਾਲੀ, 10 ਜੁਲਾਈ
ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਸਥਾਨਕ ਨਗਰ ਕੌਂਸਲ ਅੱਗੇ ਧਰਨਾ ਦਿੱਤਾ ਅਤੇ ਇੱਕ ਦਿਨ ਦੀ ਹੜਤਾਲ ਕਰਕੇ ਕੰਮ-ਕਾਜ ਠੱਪ ਰੱਖਿਆ। ਆਗੂਆਂ ਨੇ ਸਰਕਾਰ ਖ਼ਿਲਾਫ਼ ਡਟ ਕੇ ਨਾਅਰੇਬਾਜ਼ੀ ਕਰਦਿਆਂ ਮੰਗਾਂ ਮੰਨੇ ਜਾਣ ਦੀ ਮੰਗ ਵੀ ਕੀਤੀ। ਸਫ਼ਾਈ ਕਰਮਚਾਰੀ ਯੂਨੀਅਨ ਵੱਲੋਂ ਵਿੱਢੇ ਸੰਘਰਸ਼ ਤਹਿਤ ਸ਼ਹਿਰ ਦੇ ਸਫ਼ਾਈ ਕਰਮਚਾਰੀਆਂ ਨੇ ਕੰਮ ਠੱਪ ਰੱਖ ਕੇ ਕੌਂਸਲ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ।
ਯੂਨੀਅਨ ਆਗੂ ਛਾਂਗਾ ਰਾਮ, ਵਿਜੇ ਕੁਮਾਰ, ਸ਼ੇਖਰ ਕੁਮਾਰ ਅਤੇ ਦਿਨੇਸ਼ ਕੁਮਾਰ ਨੇ ਕਿਹਾ ਕਿ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਦੀਆਂ ਆ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਅਨੇਕਾਂ ਵਾਅਦੇ ਕਰਕੇ ਵੀ ਉਨ੍ਹਾਂ ਦੀਆਂ ਮੰਗਾਂ ਜਿਉਂ ਦੀਆਂ ਤਿਉਂ ਹਨ ਅਤੇ ਉਨ੍ਹਾਂ ਨੂੰ ਕੰਮ ਛੱਡ ਕੇ ਸੰਘਰਸ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਆਗੂਆਂ ਨੇ ਮੰਗ ਕੀਤੀ ਕਿ ਕੌਂਸਲਾਂ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ, ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਅਨੁਸਾਰ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੇ ਬਕਾਇਆ ਜਾਰੀ ਕੀਤਾ ਜਾਵੇ, ਕੰਟਰੈਕਟ ਮੁਲਾਜ਼ਮਾਂ ਦੀ ਤਨਖਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਤੋਂ ਇਲਾਵਾ ਮੁਲਾਜ਼ਮ ਵਰਗ ਦੀਆਂ ਹੋਰ ਮੰਗਾਂ ਤੁਰੰਤ ਮੰਨੀਆਂ ਜਾਣ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਨ੍ਹਾਂ ਦੀ ਜਥੇਬੰਦੀ ਹੋਰ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ। ਇਸੇ ਦੌਰਾਨ ਧਰਨਾਕਾਰੀ ਸਾਰਾ ਦਿਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ।