ਐੱਸਸੀ ਕਮਿਸ਼ਨ ਦੇ ਚੇਅਰਮੈਨ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਅਧਿਕਾਰੀਆਂ ਨੂੰ ਤੁਰੰਤ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 24 ਫਰਵਰੀ
ਹਰਿਆਣਾ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਡਾ. ਰਵਿੰਦਰ ਬਲਿਆਲਾ ਨੇ ਪੀਡਬਲਯੂਡੀ ਰੈਸਟ ਹਾਊਸ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਲੋਕਾਂ ਵੱਲੋਂ ਪਾਣੀ, ਸੜਕ, ਲਾਲ ਲਕੀਰ ਦੀਆਂ ਸਮੱਸਿਆਵਾਂ ਅਤੇ ਹੋਰ ਦਫ਼ਤਰਾਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਅਤੇ ਉਨ੍ਹਾਂ ਦੇ ਹੱਲ ਲਈ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਅਤੇ ਸਹੂਲਤਾਂ ਸਮੇਂ ਸਿਰ ਉਪਲਬਧ ਕਰਵਾਈਆਂ ਜਾਣ। ਇਸ ਦੌਰਾਨ ਐੱਸਸੀ ਕਮਿਸ਼ਨ ਦੇ ਚੇਅਰਮੈਨ ਡਾ. ਰਵਿੰਦਰ ਬਲਿਆਲਾ ਨੇ ਰਤੀਆ ਦੇ ਬ੍ਰਹਮਾ ਕੁਮਾਰੀ ਆਸ਼ਰਮ ਵਿੱਚ ਇੱਕ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਉਨ੍ਹਾਂ ਕਿਹਾ ਕਿ ਸਾਨੂੰ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਇੱਕ ਸਾਫ਼-ਸੁਥਰਾ ਸਮਾਜ ਸਿਰਜਿਆ ਜਾ ਸਕੇ। ਇਸ ਦੌਰਾਨ ਕਰਵਾਏ ਪ੍ਰੋਗਰਾਮ ਦੌਰਾਨ ਸ਼ਿਵ ਭੋਲੇ ਬਾਬਾ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਤਹਿਸੀਲ ਭਲਾਈ ਅਫ਼ਸਰ ਕਵਲ ਸਿੰਘ, ਕਾਨੂੰਨਗੋ ਪ੍ਰਿਥਵੀਰਾਜ, ਸ਼ੇਰ ਸਿੰਘ, ਜੇਈ ਗੁਲਸ਼ਨ, ਸ਼ਹਿਰੀ ਮੰਡਲ ਪ੍ਰਧਾਨ ਸੁਖਵਿੰਦਰ ਗੋਇਲ, ਗੁਰਚਰਨ ਸਿੰਘ ਖੋਖਰ, ਸਤਪਾਲ ਕੰਬੋਜ ਸਮੇਤ ਹੋਰ ਅਧਿਕਾਰੀ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ ਮੌਜੂਦ ਸਨ।