ਐੱਸਡੀਐੱਮ ਨੇ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 17 ਦਸੰਬਰ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਦੀ ਪ੍ਰਧਾਨਗੀ ਹੇਠ ਸਥਾਨਕ ਮਿੰਨੀ ਸਕੱਤਰੇਤ ਦੇ ਆਡੀਟੋਰੀਅਮ ਵਿੱਚ ਨਿਵਾਰਣ ਕੈਂਪ ਲਗਾਇਆ ਜਾ ਰਿਹਾ ਹੈ। ਹਰ ਕੰਮ ਵਾਲੇ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਲਗਾਏ ਜਾਣ ਵਾਲੇ ਹੱਲ ਕੈਂਪ ਵਿੱਚ ਐੱਸਡੀਐੱਮ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਵਿਭਾਗਾਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕਰਨ ਲਈ ਨਿਵਾਰਣ ਕੈਂਪ ਲਗਾ ਕੇ ਨਿਵੇਕਲੀ ਪਹਿਲ ਕੀਤੀ ਹੈ। ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਐੱਸਡੀਐੱਮ ਜਗਦੀਸ਼ ਚੰਦਰ ਨੇ ਕਿਹਾ ਕਿ ਉਹ ਕੈਂਪ ਵਿੱਚ ਆਉਣ ਵਾਲੀਆਂ ਸ਼ਿਕਾਇਤਾਂ ਦਾ ਤੁਰੰਤ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਅਤੇ ਇਸ ਦੇ ਨਾਲ ਹੀ ਪੋਰਟਲ ’ਤੇ ਡਾਟਾ ਵੀ ਅੱਪਡੇਟ ਕਰਦੇ ਰਹਿਣ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਹ ਨਿਵਾਰਣ ਕੈਂਪ ਵਿੱਚ ਆਪਣੀ ਸ਼ਿਕਾਇਤ ਜ਼ਰੂਰ ਦੇਣ। ਇਹ ਕੈਂਪ ਆਮ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੇ ਹਨ। ਇਸ ਮੌਕੇ ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਵਿਕਾਸ ਕੁਮਾਰ ਲੰਗਿਆਣ, ਨਗਰ ਕੌਂਸਲ ਦੇ ਸਕੱਤਰ ਸੰਦੀਪ ਭੁੱਕਲ, ਮਾਰਕੀਟ ਕਮੇਟੀ ਦੇ ਸਕੱਤਰ ਨਰਿੰਦਰ ਕੁੰਡੂ, ਐੱਸਈਪੀਓ ਮਹਿੰਦਰ ਮਤਾਣਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।