ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਸਿਵਲ ਹਸਪਤਾਲ ਅਤੇ ਪ੍ਰਾਇਮਰੀ ਹੈਲਥ ਸੈਂਟਰ ਦਾ ਦੌਰਾ ਕਰ ਕੇ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਵੱਖ-ਵੱਖ ਰਜਿਸਟਰਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ, ਇਲਾਜ ਦੀਆਂ ਸਹੂਲਤਾਂ, ਦਵਾਈ ਭੰਡਾਰ, ਪਖਾਨਿਆਂ ਅਤੇ ਸਫ਼ਾਈ ਸਮੇਤ ਹੋਰ ਸਹੂਲਤਾਂ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਹਸਪਤਾਲ ਵਿੱਚ ਇਲਾਜ ਅਧੀਨ ਮਰੀਜ਼ਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸੇਵਾਵਾਂ ਅਤੇ ਇਲਾਜ ਸਬੰਧੀ ਪ੍ਰਬੰਧਾਂ ਬਾਰੇ ਪ੍ਰਤੀਕਿਰਿਆ ਹਾਸਲ ਕੀਤੀ। ਨਸ਼ਾ ਮੁਕਤੀ ਵਾਰਡ ਵਿੱਚ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਤੇ ਬਿਹਤਰ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਮਰੀਜ਼ਾਂ ਤੋਂ ਹਸਪਤਾਲ ਵਿੱਚ ਦਵਾਈਆਂ ਦੀ ਉਪਲਬਧਤਾ, ਡਾਕਟਰਾਂ ਵੱਲੋਂ ਦਿੱਤੇ ਜਾ ਰਹੇ ਇਲਾਜ ਅਤੇ ਹੋਰ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਐੱਸ ਡੀ ਐੱਮ ਸੁਰੇਂਦਰ ਸਿੰਘ ਨੇ ਦਵਾਈ ਸਟੋਰ ਦਾ ਨਿਰੀਖਣ ਕਰਦਿਆਂ ਦਵਾਈਆਂ ਦੇ ਸਟਾਕ ਅਤੇ ਉਪਲਬਧਤਾ ਦੀ ਜਾਣਕਾਰੀ ਲਈ ਅਤੇ ਲੋੜੀਂਦੀਆਂ ਦਵਾਈਆਂ ਦੀ ਪੂਰੀ ਉਪਲਬਧਤਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਹਸਪਤਾਲ ਵਿੱਚ ਸਫ਼ਾਈ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਫ਼ਾਈ ਪ੍ਰਬੰਧ ਹੋਰ ਬਿਹਤਰ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਹਸਪਤਾਲ ਦੇ ਪਖਾਨਿਆਂ ਦਾ ਨਿਰੀਖਣ ਕਰਦਿਆਂ ਸਫ਼ਾਈ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਾਫ਼-ਸੁਥਰਾ ਅਤੇ ਵਧੀਆ ਮਾਹੌਲ ਮਿਲਣਾ ਚਾਹੀਦਾ ਹੈ। ਇਸ ਮੌਕੇ ਉਪ ਸਿਵਲ ਸਰਜਨ ਡਾ. ਭਾਰਤ ਸਿੰਘ, ਡਾ. ਗਿਰੀਸ਼ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

