ਰਤੀਆ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ, ਸੜਕਾਂ ਦੀ ਸਥਿਤੀ ਅਤੇ ਆਮ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਜਨਤਕ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਐੱਸ ਡੀ ਐੱਮ ਸੁਰਿੰਦਰ ਸਿੰਘ ਨੇ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਦਾ ਦੌਰਾ ਕੀਤਾ ਹੈ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਆਮ ਲੋਕਾਂ ਦੀਆਂ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ।
ਐੱਸ ਡੀ ਐੱਮ ਨੇ ਕਿਹਾ ਕਿ ਸ਼ਹਿਰ ਦੀ ਸਾਫ਼-ਸਫ਼ਾਈ, ਜਨਤਕ ਥਾਵਾਂ ਦੀ ਸੰਭਾਲ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਅਹਿਮ ਜ਼ਿੰਮੇਵਾਰੀ ਹੈ। ਨਿਰੀਖਣ ਦੌਰਾਨ ਐੱਸ ਡੀ ਐੱਮ ਨੇ ਸ਼ਹਿਰ ਦੀਆਂ ਅਹਿਮ ਥਾਵਾਂ ’ਤੇ ਸਫ਼ਾਈ ਪ੍ਰਬੰਧਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼ਹਿਰ ਵਿੱਚ ਨਿਯਮਤ ਤੌਰ ’ਤੇ ਸਾਫ਼-ਸਫ਼ਾਈ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਗੰਦਗੀ ਅਤੇ ਕੂੜੇ-ਕਰਕਟ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਨਤਕ ਥਾਵਾਂ ’ਤੇ ਕੂੜਾ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਸਫ਼ਾਈ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ। ਐੱਸ ਡੀ ਐੱਮ ਨੇ ਰਤੀਆ ਬੱਸ ਅੱਡੇ ਦਾ ਦੌਰਾ ਕਰਕੇ ਮੁਸਾਫ਼ਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਬੱਸ ਅੱਡੇ ’ਤੇ ਮੁਸਾਫ਼ਰਾਂ ਨੂੰ ਸਾਫ਼-ਸੁਥਰਾ ਮਾਹੌਲ ਅਤੇ ਬੁਨਿਆਦੀ ਸਹੂਲਤਾਂ ਨਿਰਵਿਘਨ ਮਿਲਣੀਆਂ ਚਾਹੀਦੀਆਂ ਹਨ।

