ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਅਗਸਤ
ਪਸ਼ੂਆਂ ’ਚ ਫੈਲ ਰਹੀ ਲੰਪੀ ਸਕਿਨ ਬੀਮਾਰੀ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਪਸ਼ੂਆਂ ਨੂੰ ਇਕ ਤੋਂ ਦੂਜੀ ਥਾਂ ’ਤੇ ਲਿਜਾਣ ’ਤੇ ਪਾਬੰਦੀ ਲਾਈ ਗਈ ਹੈ। ਦੂਜੇ ਸੂਬਿਆਂ ਨਾਲ ਲਗਦੀ ਹੱਦ ’ਤੇ ਪੁਲੀਸ ਨਾਕੇ ਲਾਏ ਗਏ ਹਨ। ਹੁਕਮਾਂ ਤਹਿਤ ਪਸ਼ੂ ਮੇਲਿਆਂ ਅਤੇ ਪਸ਼ੂਆਂ ਨੂੰ ਜ਼ਿਲ੍ਹੇ ਤੋਂ ਬਾਹਰ ਲਿਜਾਣ ਤੇ ਲੈ ਕੇ ਆਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਈ ਗਈ ਹੈ ਤਾਂ ਜੋ ਇਸ ਬੀਮਾਰੀ ਨੂੰ ਕਾਬੂ ਕੀਤਾ ਜਾ ਸਕੇ। ਬਹੁਤ ਹੀ ਜ਼ਰੂਰੀ ਹੋਣ ’ਤੇ ਸਬੰਧਤ ਐੱਸਡੀਐਮ ਤੋਂ ਆਗਿਆ ਲੈਣ ਮਗਰੋਂ ਹੀ ਕਿਸੇ ਪਸ਼ੂ ਨੂੰ ਇਕ ਤੋਂ ਦੂਜੀ ਥਾਂ ਲਿਜਾਇਆ ਜਾ ਸਕੇਗਾ। ਹੁਕਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।