ਪੱਤਰ ਪ੍ਰੇਰਕ
ਯਮੁਨਾਨਗਰ, 18 ਮਈ
ਜਗਾਧਰੀ ਦੇ ਮਟਕਾ ਚੌਕ ਨੇੜੇ ਸਥਿਤ ਭਾਟੀਆ ਪੇਂਟ ਦੇ ਸ਼ੋਅਰੂਮ ਵਿੱਚ ਅੱਜ ਤੜਕੇ ਚਾਰ ਵਜੇ ਦੇ ਕਰੀਬ ਭਿਆਨਕ ਅੱਗ ਲੱਗਣ ਕਾਰਨ ਸ਼ੋਅਰੂਮ ਦੇ ਸ਼ੀਸ਼ੇ ਅਤੇ ਸ਼ਟਰ ਟੁੱਟ ਗਏ ਅਤੇ ਲੱਖਾਂ ਦਾ ਪੇਂਟ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਹੋਏ ਧਮਾਕੇ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਨੀਂਦ ਤੋਂ ਜਾਗ ਗਏ ਅਤੇ ਫਾਇਰ ਬ੍ਰਿਗੇਡ ਵਿਭਾਗ ਅਤੇ ਸ਼ੋਅਰੂਮ ਦੇ ਮਾਲਕ ਨੂੰ ਸੂਚਨਾ ਦਿੱਤੀ।
ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਘਟਨਾ ਸਥਾਨ ’ਤੇ ਪਹੁੰਚੀਆਂ ਅਤੇ ਲਗਪਗ ਚਾਰ ਘੰਟੇ ਦੀ ਮੁਸ਼ੱਕਤ ਮਗਰੋਂ ਅੱਗ ’ਤੇ ਕਾਬੂ ਪਾਇਆ। ਸ਼ਾਰਟ ਸਰਕਟ ਰਾਹੀਂ ਅੱਗ ਲੱਗਣ ਦਾ ਕਾਰਨ ਦੱਸਿਆ ਜਾ ਰਿਹਾ ਹੈ। ਮੌਕੇ ’ਤੇ ਮੌਜੂਦ ਸ਼ੋਅਰੂਮ ਦੇ ਸੰਚਾਲਕ ਭੁਪਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਚਾਰ ਵਜੇ ਦੇ ਕਰੀਬ ਕਿਸੇ ਨੇ ਉਨ੍ਹਾਂ ਨੂੰ ਫੋਨ ਕਰਕੇ ਅੱਗ ਲੱਗਣ ਦੀ ਸੂਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਸ਼ੱਕ ਹੈ, ਜਿਸ ਕਰਕੇ ਉਨ੍ਹਾਂ ਦੇ ਸ਼ੋਅਰੂਮ ਵਿੱਚ ਰੱਖਿਆ ਲੱਖਾਂ ਰੁਪਏ ਦਾ ਪੇਂਟ ਅਤੇ ਹੋਰ ਸਾਮਾਨ ਸੜ ਗਿਆ ਹੈ।
ਫਾਇਰ ਅਫਸਰ ਪੰਕਜ ਕੁਮਾਰ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੀਆਂ ਛੇ ਗੱਡੀਆਂ ਨੇ ਅੱਗ ’ਤੇ ਕਾਬੂ ਪਾ ਲਿਆ ਹੈ ਪਰ ਸ਼ੋਅਰੂਮ ਦੀ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।