ਸਿੱਖਾਂ ਵੱਲੋਂ ਫਿਲਮ ‘ਐਮਰਜੈਂਸੀ’ ਖ਼ਿਲਾਫ਼ ਪ੍ਰਦਰਸ਼ਨ
ਪੱਤਰ ਪ੍ਰੇਰਕ
ਯਮੁਨਾ ਨਗਰ, 17 ਜਨਵਰੀ
ਇੱਥੇ ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਵਿਰੁੱਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸਿੱਖ ਭਾਈਚਾਰੇ ਦੇ ਲੋਕਾਂ ਨੇ ਅੱਜ ਜ਼ਿਲ੍ਹਾ ਡਿਪਟੀ ਕਮਿਸ਼ਨਰ ਦਫ਼ਤਰ ਵਿਚ ਪ੍ਰਦਰਸ਼ਨ ਕੀਤਾ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਨਾਂ ਐੱਸਡੀਐੱਮ ਨੂੰ ਮੰਗ ਪੱਤਰ ਸੌਂਪਿਆ। ਸਿੱਖ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਫਿਲਮ ਵਿੱਚ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਦ੍ਰਿਸ਼ ਹਨ ਅਤੇ ਅਸ਼ਲੀਲ ਭਾਸ਼ਾ ਵਰਤੀ ਗਈ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਮ ਵਿੱਚੋਂ ਸਿੱਖਾਂ ਵਿਰੁੱਧ ਅਤੇ ਅਸ਼ਲੀਲ ਭਾਸ਼ਾ ਦੀ ਵਰਤੋਂ ਕਰਨ ਵਾਲੇ ਦ੍ਰਿਸ਼ ਕੱਟ ਦਿੱਤੇ ਜਾਣੇ ਚਾਹੀਦੇ ਹਨ, ਨਹੀਂ ਤਾਂ ਸਿੱਖ ਭਾਈਚਾਰਾ ਇਸ ਦਾ ਤਿੱਖਾ ਵਿਰੋਧ ਕਰੇਗਾ। ਸਿੱਖ ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਜਿੱਥੇ ਵੀ ਇਹ ਫਿਲਮ ਦਿਖਾਈ ਜਾਵੇਗੀ, ਉੱਥੇ ਇਸ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋ ਦਿਨਾਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹਨ ਅਤੇ ਇਸ ਦੇ ਮੱਦੇਨਜ਼ਰ ਇਸ ਤਰ੍ਹਾਂ ਦੀ ਫਿਲਮ ਕੁੱਝ ਸਮਾਂ ਪਹਿਲਾਂ ਰਿਲੀਜ਼ ਕਰਨਾ ਠੀਕ ਨਹੀਂ ਹੈ। ਪ੍ਰਸ਼ਾਸਨ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕਰਦਿਆਂ ਚਿਤਾਵਨੀ ਦਿੱਤੀ ਕਿ ਇਸ ਦੇ ਨਤੀਜੇ ਚੰਗੇ ਨਹੀਂ ਹੋਣਗੇ ਕਿਉਂਕਿ ਇਹ ਫਿਲਮ ਹਿੰਦੂ ਸਿੱਖ ਭਾਈਚਾਰੇ ਵਿੱਚ ਪਾੜਾ ਪਾਉਣ ਵਾਲੀ ਹੈ। ਇਸ ਦੌਰਾਨ ਸਿੱਖ ਭਾਈਚਾਰੇ ਦੇ ਵਿਰੋਧ ਅਤੇ ਚਿਤਾਵਨੀ ਤੋਂ ਬਾਅਦ ਯਮੁਨਾ ਨਗਰ ਸਥਿਤ ਦੋਵਾਂ ਸਿਨੇਮਾ ਹਾਲਾਂ ਵਿੱਚ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।