ਪ੍ਰਭੂ ਦਿਆਲ
ਸਿਰਸਾ, 18 ਨਵੰਬਰ
ਆਂਗਣਵਾੜੀ ਵਰਕਰ ਤੇ ਹੈਲਪਰ ਯੂਨੀਅਨ ਨੇ ਆਪਣੀਆਂ ਮੰਗਾਂ ਲਈ ਅੱਜ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਸਰਕਾਰ ਦਾ ਸਿਆਪਾ ਕਰਕੇ ਧਰਨਾ ਦਿੱਤਾ। ਆਂਗਣਵਾੜੀ ਵਰਕਰ ਸਰਕਾਰੀ ਕਰਮਚਾਰੀ ਦਾ ਦਰਜਾ ਮੰਗ ਕਰ ਰਹੀਆਂ ਹਨ। ਯੂਨੀਅਨ ਆਗੂ ਵੀਰੋ ਰਾਣੀ, ਪ੍ਰੋਮੀਲਾ ਤੇ ਪ੍ਰੇਮਲਤਾ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਅਣਗੌਲਿਆਂ ਕਰ ਰਹੀ ਹੈ। ਸਰਕਾਰ ਨੇ 2018 ਵਿੱਚ ਆਂਗਣਵਾੜੀ ਵਰਕਰਾਂ ਦੀਆਂ ਕਈ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਉਨ੍ਹਾਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਆਂਗਣਵਾੜੀ ਵਰਕਰਾਂ ਨੂੰ ਸਰਕਾਰੀ ਕਰਮਚਾਰੀ ਦਾ ਦਰਜਾ ਨਹੀਂ ਦਿੰਦੀ, ਉਦੋਂ ਤੱਕ ਆਂਗਣਵਾੜੀ ਵਰਕਰਾਂ ਨੂੰ 24 ਹਜ਼ਾਰ ਰੁਪਏ ਅਤੇ ਹੈਲਪਰਾਂ ਨੂੰ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਏ।