ਪ੍ਰਭੂ ਦਿਆਲ
ਸਿਰਸਾ, 25 ਜੂਨ
ਕੁੱਲ ਹਿੰਦ ਨੌਜਵਾਨ ਸਭਾ ਦੇ ਸਾਬਕਾ ਕੌਮੀ ਪ੍ਰਧਾਨ ਪ੍ਰਿਥਪਾਲ ਮਾੜੀਮੇਘਾ ਨੇ ਕਿਹਾ ਹੈ ਕਿ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਲਈ 29 ਜੂਨ ਨੂੰ ਖੱਬੇ-ਪੱਖੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਸੰਸਦ ਮਾਰਚ ਕੀਤਾ ਜਾਵੇਗਾ। ਉਹ ਇਸ ਮਾਰਚ ਦੀ ਤਿਆਰੀ ਲਈ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਲ ’ਚ ਨੌਜਵਾਨਾਂ ਤੇ ਵਿਦਿਆਰਥੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਸ੍ਰੀ ਮਾੜੀਮੇਘਾ ਨੇ ਕਿਹਾ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਯੋਜਨਾ ਦਾ ਪੂਰੇ ਦੇਸ਼ ਵਿੱਚ ਵਿਰੋਧ ਹੋ ਰਿਹਾ ਹੈ। 12 ਖੱਬੇਪੱਖੀ ਵਿਦਿਆਰਥੀ ਤੇ ਨੌਜਵਾਨ ਜਥੇਬੰਦੀਆਂ ਵੱਲੋਂ ਸੰਸਦ ਮਾਰਚ ਕਰਦੇ ਹੋਏ ਜੰਤਰ ਮੰਤਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਅਸ਼ਵਨੀ ਬਖਸ਼ੀ, ਕਿਸਾਨ ਆਗੂ ਸਵਰਨ ਸਿੰਘ ਵਿਰਕ, ਰੋਸ਼ਨ ਸੁਚਾਨ, ਹਰਦੇਵ ਸਿੰਘ ਜੋਸ਼, ਪਿ੍ਤਪਾਲ ਸਿੱਧੂ, ਜਗਰੂਪ ਚੌਬੁਰਜਾ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।