ਪ੍ਰਭੂ ਦਿਆਲ
ਸਿਰਸਾ, 30 ਮਾਰਚ
ਅਬੋਹਰ ਤੋਂ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਕੁਝ ਲੋਕਾਂ ਵੱਲੋਂ ਕੀਤੇ ਦੁਰਵਿਵਹਾਰ ਦੇ ਵਿਰੋਧ ਵਿੱਚ ਭਾਜਪਾ ਵਰਕਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਫੂਕਿਆ ਪਰ ਦੂਜੇ ਪਾਸੇ ਕਿਸਾਨਾਂ ਵੱਲੋਂ ਭਾਜਪਾ ਵਰਕਰਾਂ ਦਾ ਵਿਰੋਧ ਕੀਤਾ ਗਿਆ। ਕਾਫੀ ਦੇਰ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ। ਦੋਵਾਂ ਧਿਰਾਂ ਨੇ ਇਕ-ਦੂਜੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਭਾਜਪਾ ਨੇ ਅੱਜ ਸਿਰਸਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਲੀਸ ਦੇ ਸਖ਼ਤ ਪਹਿਰੇ ਹੇਠ ਪੁਤਲਾ ਫੂਕਿਆ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ। ਭਾਜਪਾ ਕਾਰਕੁਨ ਤੇ ਆਗੂ ਅੱਜ ਬਰਨਾਲਾ ਰੋਡ ਸਥਿਤ ਹੁੱਡਾ ਚੌਕ ਨੇੜੇ ਇਕੱਠੇ ਹੋਏ। ਇਸ ਦੀ ਭਿਣਕ ਜਿਵੇਂ ਹੀ ਕਿਸਾਨਾਂ ਨੂੰ ਲੱਗੀ ਉਹ ਵੱਡੀ ਗਿਣਤੀ ’ਚ ਭਾਜਪਾ ਕਾਰਕੁਨਾਂ ਦਾ ਵਿਰੋਧ ਕਰਨ ਲਈ ਪਹੁੰਚ ਗਏ। ਪੁਲੀਸ ਨੇ ਕਿਸਾਨਾਂ ਨੂੰ ਹੁੱਡਾ ਚੌਕ ’ਤੇ ਪਾਸੇ ਰੋਕ ਲਿਆ, ਜਦੋਂਕਿ ਦੂਜੇ ਪਾਸੇ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਕਾਰਕੁਨਾਂ ਨੇ ਪੁਤਲਾ ਫੂਕਿਆ। ਕਾਫੀ ਦੇਰ ਤੱਕ ਸਥਿਤੀ ਤਣਾਅਪੂਰਨ ਬਣੀ ਰਹੀ।