ਪ੍ਰਭੂ ਦਿਆਲ/ਜਗਤਾਰ ਸਮਾਲਸਰ
ਸਿਰਸਾ/ਏਲਨਾਬਾਦ
ਏਲਨਾਬਾਦ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਆਏ ਭਾਜਪਾ-ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਨਾਮਜ਼ਦਗੀ ਪੱਤਰ ਕਰਨ ਲਈ ਜਾਂਦੇ ਗੋਬਿੰਦ ਕਾਂਡਾ ਤੋਂ ਇਲਾਵਾ ਭਾਜਪਾ ਤੇ ਜਜਪਾ ਦੇ ਨੇਤਾਵਾਂ ਨੂੰ ਕਾਲੇ ਝੰਡੇ ਦਿਖਾਏ। ਏਲਨਾਬਾਦ ਦੀ ਜ਼ਿਮਨੀ ਚੋਣ ਲਈ 8 ਅਕਤੂਬਰ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣੇ ਹਨ ਅਤੇ 30 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ। ਸ਼ਰਾਧ ਖ਼ਤਮ ਹੋਣ ਮਗਰੋਂ ਅੱਜ ਭਾਜਪਾ ਤੇ ਜਜਪਾ ਦੇ ਉਮੀਦਵਾਰ ਗੋਬਿੰਦ ਕਾਂਡਾ ਨੇ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਚੋਣ ਕਮਿਸ਼ਨਰ ਦੇ ਦਫ਼ਤਰ ਪੁੱਜੇ। ਇਸ ਦਾ ਪਤਾ ਜਿਵੇਂ ਹੀ ਕਿਸਾਨਾਂ ਨੂੰ ਲੱਗਿਆ ਤਾਂ ਕਿਸਾਨ ਚੋਣ ਕਮਿਸ਼ਨ ਦੇ ਦਫ਼ਤਰ ਤੋਂ ਇਲਾਵਾ ਏਲਨਾਬਾਦ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ’ਤੇ ਕਾਲੇ ਝੰਡੇ ਲੈ ਕੇ ਖੜ੍ਹੇ ਹੋ ਗਏ। ਗੋਬਿੰਦ ਕਾਂਡਾ ਆਪਣੇ ਕਾਫਲੇ ਨਾਲ ਚੋਣ ਕਮਿਸ਼ਨ ਦੇ ਦਫ਼ਤਰ ਪੁੱਜੇ ਤਾਂ ਕਿਸਾਨਾਂ ਨੇ ਜ਼ੋਰਦਾਰ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਕਿਸਾਨਾਂ ਨੇ ਭਾਜਪਾ ਦੇ ਝੰਡਿਆਂ ਨੂੰ ਵੀ ਅੱਗ ਦੇ ਹਵਾਲੇ ਕਰ ਦਿੱਤਾ। ਨਾਮਜ਼ਦਗੀ ਪੱਤਰ ਕਰਨ ਵੇਲੇ ਭਾਜਪਾ ਦੇ ਸੀਨੀਅਰ ਆਗੂ ਸੁਭਾਸ਼ ਬਰਾਲਾ ਤੋਂ ਇਲਾਵਾ ਸਿਰਸਾ ਤੋਂ ਸੰਸਦ ਮੈਂਬਰ ਸੁਨੀਤਾ ਦੁੱਗਲ, ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ, ਖੇਡ ਮੰਤਰੀ ਸੰਦੀਪ ਸਿੰਘ, ਭਾਜਪਾ ਜ਼ਿਲ੍ਹਾ ਪ੍ਰਧਾਨ ਅਦਿਤਿਆ ਦੇਵੀ ਲਾਲ ਚੌਟਾਲਾ, ਜਜਪਾ ਸੂਬਾਈ ਪ੍ਰਧਾਨ ਨਿਸ਼ਾਨ ਸਿੰਘ ਮੌਜੂਦ ਸਨ।