ਪ੍ਰਭੂ ਦਿਆਲ
ਸਿਰਸਾ, 11 ਮਾਰਚ
ਸਰਕਾਰੀ ਕਰਮਚਾਰੀ ਦਾ ਦਰਜਾ ਤੇ ਹੋਰ ਮੰਗਾਂ ਲਈ ਆਂਗਣਵਾੜੀ ਵਰਕਰਾਂ ਨੇ ਇਥੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ। ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਸਰਵ ਕਰਮਚਾਰੀ ਸੰਘ ਨੇ ਹਮਾਇਤ ਦੇਣ ਦਾ ਐਲਾਨ ਕੀਤਾ। ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦੇ ਰਹੀਆਂ ਆਂਗਣਵਾੜੀ ਵਰਕਰਜ਼ ਯੂਨੀਅਨ ਦੀਆਂ ਆਗੂ ਵੀਰੋ ਰਾਣੀ, ਕੌਸ਼ਲਿਆ ਤੇ ਸ਼ਕੁੰਤਲਾ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੇ ਹੈਲਪਰ ਸਰਕਾਰੀ ਕਰਮਚਾਰੀ ਦਾ ਦਰਜਾ ਦਿੱਤੇ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ ਪਿਛਲੇ ਤਿੰਨਾਂ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਉਨ੍ਹਾਂ ਦੇ ਇਸ ਅੰਦੋਲਨ ਨੂੰ ਅਣਗੌਲਿਆਂ ਕਰ ਰਹੀ ਹੈ। ਮੰਗਾਂ ਪੂਰੀਆਂ ਕਰਨ ਦੀ ਬਜਾਏ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮੁਅੱਤਲੀ ਦੇ ਨੋਟਿਸ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਇਹ ਅੰਦੋਲਨ ਜਾਰੀ ਰਹੇਗਾ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰ ਤੇ ਹੈਲਪਰ ਮੌਜੂਦ ਸਨ।