ਪ੍ਰਭੂ ਦਿਆਲ
ਸਿਰਸਾ, 5 ਮਈ
ਭਾਰਤੀ ਕਿਸਾਨ ਯੂਨੀਅਨ (ਚਡੂਨੀ) ਵੱਲੋਂ ਕਣਕ ’ਤੇ ਪੰਜ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤੇ ਜਾਣ ਤੇ ਹੋਰ ਮੰਗਾਂ ਨੂੰ ਲੈ ਕੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰਕੇ ਮੁੱਖ ਮੰਤਰੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਆਪਣੇ ਅੰਦੋਲਨ ਨੂੰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ। ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਐਤਕੀਂ ਗਰਮੀ ਪੈਣ ਕਾਰਨ ਕਣਕ ਦਾ ਝਾੜ ਬਹੁਤ ਘੱਟ ਹੋਇਆ ਹੈ। ਕਿਸਾਨਾਂ ਨੂੰ ਪਏ ਇਸ ਘਾਟੇ ਦੀ ਪੂਰਤੀ ਲਈ ਸਰਕਰ ਪ੍ਰਤੀ ਕੁਇੰਟਲ ਪੰਜ ਸੌ ਰੁਪਏ ਬੋਨਸ ਦੇਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਟਿਊਬਵੈੱਲਾਂ ਲਈ ਨਿਰਵਿਘਨ ਅੱਠ ਘੰਟੇ ਬਿਜਲੀ ਦਿੱਤੇ ਜਾਣ, ਨਹਿਰਾਂ ’ਚ ਟੇਲਾਂ ਤੱਕ ਪੂਰਾ ਪਾਣੀ ਦੇਣ, ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਬੀਮਾ ਦੇਣ ਤੋਂ ਇਲਾਵਾ ਨਕਲੀ ਬੀਜ, ਖਾਦ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਗਈ। ਇਸ ਮੌਕੇ ’ਤੇ ਕਿਸਾਨ ਆਗੂ ਸਿਕੰਦਰ ਸਿੰਘ ਰੋੜੀ, ਹਰਵਿੰਦਰ ਸਿੰਘ ਥਿੰਦ, ਭਿੰਦਰਨ ਸਿੰਘ ਨੰਬਰਦਾਰ ਨੇ ਸੰਬੋਧਨ ਕੀਤਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਜਲਦ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਪੂਰੇ ਹਰਿਆਣਾ ’ਚ ਭਾਰਤੀ ਕਿਸਾਨ ਯੂਨੀਅਨ (ਚਡੂਨੀ) ਵੱਲੋਂ ਤਿੱਖਾ ਅੰਦੋਲਨ ਕੀਤਾ ਜਾਵੇਗਾ।