ਪ੍ਰਭੂ ਦਿਆਲ
ਸਿਰਸਾ, 17 ਅਗਸਤ
ਗੁਲਾਬੀ ਸੁੰਡੀ ਤੇ ਮੀਂਹ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਟਿਊਬਵੈੱਲਾਂ ਦੇ ਬਿਜਲੀ ਕੁਨੈਕਸ਼ਨ ਦਿੱਤੇ ਜਾਣ ਦੀ ਮੰਗ ਲਈ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਕਿਸਾਨਾਂ ਨੇ ਮੀਂਹ ’ਚ ਕਾਲੇ ਚੌਲੇ ਪਾ ਕੇ ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਸ਼ਹਿਰ ’ਚ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਮਗਰੋਂ ਕਿਸਾਨਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਚੌਕ ’ਤੇ ਸਰਕਾਰ ਦਾ ਪੁਤਲਾ ਫੂਕਿਆ ਤੇ ਕੁਝ ਸਮੇਂ ਲਈ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ ਤੇ ਜਲਦੀ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਅੰਦੋਲਨ ਦੀ ਚਿਤਾਵਨੀ ਦਿੱਤੀ। ਇਸ ਮੌਕੇ ’ਤੇ ਭਾਰਤੀ ਕਿਸਾਨ ਏਕਤਾ ਦਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਸਾਨਾਂ ਨੂੰ ਸੰਬੋਧਨ ਕੀਤਾ।