ਪ੍ਰਭੂ ਦਿਆਲ
ਸਿਰਸਾ, 27 ਮਈ
ਸਰਕਾਰੀ ਵਿਭਾਗਾਂ ’ਚ ਖਾਲ੍ਹੀ ਆਸਾਮੀਆਂ ਭਰੇ ਜਾਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਤੇ ਨੌਜਵਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਆਗੂਆਂ ਨੇ ਕਿਹਾ ਕਿ ਜਿਥੇ ਫੌਜ ਦੀ ਭਰਤੀ ਬੰਦ ਹੈ, ਉਥੇ ਹੀ ਹਰਿਆਣਾ ਸਰਕਾਰ ਵੀ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਨਹੀਂ ਕਰਵਾ ਰਹੀ। ਇਸ ਕਾਰਨ ਨੌਜਵਾਨ ਓਵਰੇਜ਼ ਹੋ ਰਹੇ ਹਨ ਤੇ ਉਹ ਹਮੇਸ਼ਾਂ ਲਈ ਨੌਕਰੀ ਦੀ ਲਾਈਨ ’ਚੋਂ ਬਾਹਰ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਸਰਕਾਰੀ ਵਿਭਾਗਾਂ ਵਿੱਚ ਆਸਾਮੀਆਂ ਖਾਲ੍ਹੀ ਪਈਆਂ ਹਨ ਤੇ ਦੂਜੇ ਪਾਸ ਬੇਰੁਜ਼ਗਾਰਾਂ ਦੀ ਕਤਾਰ ਦਿਨੋਂ ਦਿਨ ਲੰਮੀ ਹੁੰਦੀ ਜਾ ਰਹੀ ਹੈ। ਨੌਜਵਾਨਾਂ ਨੂੰ ਰੁਜਗਾਰ ਨਾ ਮਿਲਣ ਕਾਰਨ ਉਹ ਨਸ਼ਿਆਂ ਦੇ ਜਾਲ ਵਿੱਚ ਫਸਦੇ ਜਾ ਰਹੇ ਹਨ। ਕਈ ਨੌਜਵਾਨਾਂ ਦੀ ਨਸ਼ਿਆਂ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਮੰਗ ਕਰਦਿਆਂ ਕਿਹਾ ਕਿ ਸਾਰੇ ਵਿਭਾਗਾਂ ਵਿੱਚ ਖਾਲ੍ਹੀ ਆਸਾਮੀਆਂ ਤੁਰੰਤ ਭਰੀਆਂ ਜਾਣ। ਨੌਕਰੀ ਦੇ ਲਈ ਉਮਰ ਦੀ ਲਾਈ ਪਾਬੰਦੀ ਨੂੰ ਖ਼ਤਮ ਕੀਤਾ ਜਾਏ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਵਿਦਿਆਰਥੀ ਤੇ ਨੌਜਵਾਨ ਮੌਜੂਦ ਸਨ।