ਪ੍ਰਭੂ ਦਿਆਲ
ਹਰਿਆਣਾ ਵਿਧਾਨ ਸਭਾ ਵਿੱਚ ਸਰਕਾਰ ਖ਼ਿਲਾਫ਼ ਲਿਆਂਦੇ ਬੇਭਰੋਸਗੀ ਮਤੇ ਖ਼ਿਲਾਫ਼ ਭੁਗਤਣ ਵਾਲੇ ਭਾਜਪਾ, ਜੇਜੇਪੀ ਵਿਧਾਇਕਾਂ ਤੋਂ ਬਾਅਦ ਹੁਣ ਹਲੋਪਾ ਦੇ ਆਗੂਆਂ ਦਾ ਵੀ ਸਮਾਜਿਕ ਬਾਈਕਾਟ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਭਾਵਦੀਨ ਟੌਲ ਪਲਾਜ਼ੇ ’ਤੇ ਧਰਨਾ ਦੇ ਰਹੇ ਕਿਸਾਨਾਂ ਨੇ ਕੇਂਦਰ ਤੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਮਹਿਲਾਵਾਂ ਵੀ ਵੱਡੀ ਗਿਣਤੀ ’ਚ ਮੌਜੂਦ ਸਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਵੱਲੋਂ ਨੈਸ਼ਨਲ ਹਾਈ ਵੇਅ ਨੌਂ ’ਤੇ ਸਥਿਤ ਭਾਵਦੀਨ ਪਿੰਡ ਨੇੜੇ ਟੌਲ ਪਲਾਜ਼ੇ ਨੂੰ ਕਿਸਾਨਾਂ ਵੱਲੋਂ ਪਿਛਲੇ ਤਿੰਨ ਮਹੀਨਿਆਂ ਤੋਂ ਪਰਚੀ ਮੁਕਤ ਕਰਕੇ ਧਰਨਾ ਦਿੱਤਾ ਜਾ ਰਿਹਾ ਹੈ। ਕਿਸਾਨ ਆਗੂ ਹਰਵਿੰਦਰ ਸਿੰਘ ਥਿੰਦ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਸਰਕਾਰ ਰੱਦ ਕਰਕੇ ਐਮਐੱਸਪੀ ਦੀ ਗਰੰਟੀ ਦਾ ਕਾਨੂੰਨ ਨਹੀਂ ਬਣਾ ਦਿੰਦੀ।