ਪ੍ਰਭੂ ਦਿਆਲ
ਸਿਰਸਾ, 7 ਸਤੰਬਰ
ਗੁਲਾਬੀ ਸੁੰਡੀ ਨਾਲ ਨੁਕਸਾਨੀ ਨਰਮੇ ਦੀ ਫ਼ਸਲ ਦਾ ਮੁਆਵਜ਼ਾ ਤੇ ਚਿਰਾਂ ਤੋਂ ਲਟਕਦੇ ਬਿਜਲੀ ਕੁਨੈਕਸ਼ਨ ਜਾਰੀ ਕੀਤੇ ਜਾਣ ਸਮੇਤ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਭਾਰਤੀ ਕਿਸਾਨ ਏਕਤਾ ਦੇ ਬੈਨਰ ਹੇਠ ਪ੍ਰਦਰਸ਼ਨ ਕਰਕੇ ਮਿੰਨੀ ਸਕੱਤਰੇਤ ’ਚ ਪੱਕਾ ਮੋਰਚਾ ਲਾ ਦਿੱਤਾ। ਭਾਰਤੀ ਕਿਸਾਨ ਏਕਤਾ (ਬੀਕੇਈ) ਦੇ ਬੈਨਰ ਹੇਠ ਕਿਸਾਨ ਅੱਜ ਨਹਿਰੂ ਪਾਰਕ ਇਕੱਠੇ ਹੋਏ ਜਿਥੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ’ਚੋਂ ਆਪਣੇ ਟਰੈਕਟਰ-ਟਰਾਲੀਆਂ ਤੇ ਹੋਰ ਵਾਹਨਾਂ ਰਾਹੀਂ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ। ਕਈ ਦੇਰ ਤੱਕ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਮੁੱਖ ਗੇਟ ਨੂੰ ਘੇਰੀਂ ਰੱਖਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੀਕੇਈ ਦੇ ਸੂਬਾਈ ਪ੍ਰਧਾਨ ਲਖਵਿੰਦਰ ਸਿੰਘ ਲੱਖਾ ਤੇ ਜਗਜੀਤ ਸਿੰਘ ਮਾਨ ਨੇ ਦੱਸਿਆ ਕਿ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਕਿਸਾਨ ਇਥੋਂ ਨਹੀਂ ਜਾਣਗੇ। ਇਸ ਦੌਰਾਨ ਕਿਸਾਨਾਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਲੰਗਰ ਛਕਿਆ ਤੇ ਮੰਗਾਂ ਦੀ ਪੂਰਤੀ ਤੱਕ ਪੱਕਾ ਮੋਰਚਾ ਲਾਉਣ ਦਾ ਐਲਾਨ ਕਰ ਦਿੱਤਾ। ਇਸ ਮੌਕੇ ’ਤੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ’ਚ ਕਿਸਾਨ ਮੌਜੂਦ ਸਨ।