ਪ੍ਰਭੂ ਦਿਆਲ
ਸਿਰਸਾ, 29 ਜਨਵਰੀ
ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਤੇ ਹੋਰ ਮੰਗਾਂ ਲਈ ਕਿਸਾਨਾਂ ਨੇ ਦਿੱਲੀ ਦੇ ਕਿਸਾਨ ਅੰਦੋਲਨ ਦੀ ਤਰਜ ’ਤੇ ਮਿੰਨੀ ਸਕੱਤਰੇਤ ਦੇ ਬਾਹਰ ਆਪਣੇ ਟਰੈਕਟਰ ਟਰਾਲੀਆਂ ਲਿਆ ਕੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨਾਂ ਨੇ ਪਹਿਲੀ ਰਾਤ ਆਪਣੀਆਂ ਟਰਾਲੀਆਂ ’ਚ ਗੁਜਾਰੀ ਤੇ ਸਵੇਰੇ ਲੰਗਰ ਲਾਇਆ। ਜਾਣਕਾਰੀ ਅਨੁਸਾਰ ਹਰਿਆਣਾ ਕਿਸਾਨ ਮੰਚ ਦੇ ਬੈਨਰ ਹੇਠ ਕਿਸਾਨਾਂ ਨੇ ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦੇ ਮੁਆਵਜ਼ੇ ਸਮੇਤ ਕਿਸਾਨਾਂ ਨੂੰ ਬਿਨਾਂ ਸ਼ਰਤ ਟਿਊਬਵੈੱਲਾਂ ਲਈ ਬਿਜਲੀ ਦੇ ਕੁਨੈਕਸ਼ਨ ਦੇਣ, ਯੂਰੀਆ ਖਾਦ ਦੀ ਕਿੱਲਤ ਦੂਰ ਕਰਨ, ਨਹਿਰਾਂ ਵਿੱਚ ਪੰਦਰਾਂ ਦਿਨ ਟੇਲਾਂ ਤੱਕ ਪਾਣੀ ਦੇਣ, ਬਿਰਧਾਂ ਦੀ ਕੱਟੀ ਬੁਢਾਪਾ ਪੈਨਸ਼ਨ ਦੁਬਾਰਾ ਲਾਗੂ ਕਰਨ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਤੁਰੰਤ ਪੂਰੀਆਂ ਕਰਨ ਆਦਿ ਮੰਗਾਂ ਲਈ ਮਿੰਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਦਿੱਤਾ ਹੈ। ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਰੋਜ਼ ਮੰਗ ਪੱਤਰ ਦੇ ਰਹੇ ਹਨ ਪਰ ਉਨ੍ਹਾਂ ਕੋਈ ਸੁਣਵਾਈ ਨਹੀਂ ਕੀਤੀ ਜਿਸ ਕਾਰਨ ਉਨ੍ਹਾਂ ਨੂੰ ਪੱਕਾ ਮੋਰਚਾ ਲਾਉਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਨ੍ਹਾਂ ਦਾ ਪੱਕਾ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ 31 ਜਨਵਰੀ ਨੂੰ ਵਾਅਦਾਖ਼ਿਲਾਫ਼ੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੀ ਵੱਡੇ ਪੱਧਰ ’ਤੇ ਤਿਆਰੀ ਕੀਤੀ ਗਈ ਹੈ। 31 ਜਨਵਰੀ ਨੂੰ ਵੱਡੀ ਗਿਣਤੀ ’ਚ ਕਿਸਾਨ ਮਿੰਨੀ ਸਕੱਤਰੇਤ ਪੁੱਜਣਗੇ, ਜਿਥੇ ਕੇਂਦਰ ਤੇ ਸੂਬਾ ਸਰਕਾਰ ਦੇ ਪੁਤਲੇ ਫੂਕੇ ਜਾਣਗੇ। ਵੱਡੀ ਗਿਣਤੀ ਕਿਸਾਨਾਂ ਨੇ ਆਪਣੇ ਟਰੈਕਟਰ ਟਰਾਲੀਆਂ ’ਚ ਡੇਰੇ ਲਾਏ ਹੋਏ ਸਨ।