ਪ੍ਰਭੂ ਦਿਆਲ
ਸਿਰਸਾ, 19 ਜੁਲਾਈ
ਦੇਸ਼ਧ੍ਰੋਹ ਦੇ ਕੇਸ ਤਹਿਤ ਜੇਲ੍ਹ ਵਿੱਚ ਬੰਦ ਕਿਸਾਨਾਂ ਨੂੰ ਰਿਹਾਅ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਬਲਦੇਵ ਸਿੰਘ ਸਿਰਸਾ ਵੱਲੋਂ ਸ਼ੁਰੂ ਕੀਤਾ ਗਿਆ ਮਰਨ ਵਰਤ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਡਾਕਟਰਾਂ ਦੀ ਟੀਮ ਨੇ ਬਲਦੇਵ ਸਿੰਘ ਸਿਰਸਾ ਦੀ ਸਿਹਤ ਦਾ ਮੁਆਇਨਾ ਕਰਦਿਆਂ ਉਨ੍ਹਾਂ ਦੇ ਖ਼ੂਨ ਦੇ ਨਮੂਨੇ ਲਏ। ਇਸੇ ਦੌਰਾਨ ਕਿਸਾਨਾਂ ਦਾ ਮਿਨੀ ਸਕੱਤਰੇਤ ਦੇ ਮੁੱਖ ਗੇਟ ’ਤੇ ਧਰਨਾ ਅੱਜ ਤੀਜੇ ਦਿਨ ਵਿੱਚ ਦਾਖ਼ਲ ਹੋ ਗਿਆ ਹੈ।
ਮਰਨ ਵਰਤ ’ਤੇ ਬੈਠੇ ਬਲਦੇਵ ਸਿੰਘ ਸਿਰਸਾ ਨੇ ਕਿਹਾ, ‘ਜਾਂ ਤਾਂ ਸਰਕਾਰ ਕਿਸਾਨਾਂ ਨੂੰ ਰਿਹਾਅ ਕਰੇਗੀ ਜਾਂ ਮੇਰੀ ਲਾਸ਼ ਇੱਥੋਂ ਚੁੱਕੇਗੀ।’ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਸ਼ਾਂਤਮਈ ਸੀ, ਸ਼ਾਂਤਮਈ ਹੈ ਅਤੇ ਸ਼ਾਂਤਮਈ ਹੀ ਰਹੇਗਾ। ਉਨ੍ਹਾਂ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ ਦੁਹਰਾਉਂਦਿਆਂ ਕਿਹਾ ਕਿ ਇਸ ਲਈ ਕਿਸਾਨ ਹਰ ਤਰ੍ਹਾਂ ਦੀ ਕੁਰਬਾਨੀ ਦੇਣ ਲਈ ਤਿਆਰ ਹਨ। ਜ਼ਿਕਰਯੋਗ ਹੈ ਕਿ ਬੀਤੀ 11 ਜੁਲਾਈ ਨੂੰ ਭਾਜਪਾ ਆਗੂ ਤੇ ਹਰਿਆਣਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੂੰ ਕਾਲੇ ਝੰਡੇ ਦਿਖਾਉਂਦੇ ਸਮੇਂ ਕਿਸਾਨਾਂ ਦੀ ਪੁਲੀਸ ਨਾਲ ਹੋਈ ਝੜਪ ਮਗਰੋਂ ਪੁਲੀਸ ਨੇ ਦੋ ਨਾਮਜ਼ਦ ਕਿਸਾਨਾਂ ਤੋਂ ਇਲਾਵਾ ਸੌ ਹੋਰ ਕਿਸਾਨਾਂ ’ਤੇ ਦੇਸ਼ਧ੍ਰੋਹ ਤੇ ਕਈ ਹੋਰ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਇਸ ਕੇਸ ’ਚ ਪੁਲੀਸ ਨੇ ਪੰਜ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਜੇਲ੍ਹ ਭੇਜ ਦਿੱਤਾ ਸੀ, ਜਿਨ੍ਹਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਜਿੱਥੇ ਮਿਨੀ ਸਕੱਤਰੇਤ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ, ਉੱਥੇ ਹੀ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਹੈ।