ਪ੍ਰਭੂ ਦਿਆਲ
ਸਿਰਸਾ, 11 ਜੂਨ
ਪੈਟਰੋਲ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਖ਼ਿਲਾਫ਼ ਕਾਂਗਰਸੀ ਕਾਰਕੁਨਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹੁਸ਼ਿਆਰੀ ਲਾਲ ਸ਼ਰਮਾ ਤੇ ਡਾ. ਸੁਭਾਸ਼ ਜੋਧਪੁਰੀਆ ਨੇ ਸਾਂਝੇ ਤੌਰ ’ਤੇ ਕੀਤੀ। ਸਥਾਨਕ ਕਾਂਗਰਸੀ ਆਗੂ ਤੇ ਕਾਰਕੁਨ ਅੱਜ ਕਾਂਗਰਸ ਭਵਨ ’ਚ ਇਕੱਠੇ ਹੋਏ ਜਿਥੋਂ ਪ੍ਰਦਰਸ਼ਨ ਕਰਦੇ ਹੋਏ ਉਹ ਸ਼ਹੀਦ ਊਧਮ ਸਿੰਘ ਪਾਰਕ ਨੇੜੇ ਪੁੱਜੇ। ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਭਾਜਪਾ ਸੱਤਾ ਵਿੱਚ ਆਈ ਹੈ, ਉਦੋਂ ਤੋਂ ਲਗਾਤਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਇਸ ਮੌਕੇ ’ਤੇ ਹੁਸ਼ਿਆਰੀ ਲਾਲ ਸ਼ਰਮਾ, ਸਾਬਕਾ ਐਮ.ਪੀ. ਚਰਨਜੀਤ ਸਿੰਘ ਰੋੜੀ, ਡਾ. ਸੁਭਾਸ਼ ਜੋਧਪੁਰੀਆ, ਪਾਲਾ ਸਿੰਘ ਕੰਬੋਜ, ਸਾਬਕਾ ਵਿਧਾਇਕ ਭਰਤ ਸਿੰਘ ਬੈਨੀਵਾਲ ਸਮੇਤ ਅਨੇਕ ਕਾਂਗਰਸੀ ਆਗੂ ਤੇ ਕਾਰਕੁਨ ਮੌਜੂਦ ਸਨ।