ਪ੍ਰਭੂ ਦਿਆਲ
ਸਿਰਸਾ, 9 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਸੈਂਕੜੇ ਵਾਹਨਾਂ ’ਤੇ ਕਿਸਾਨ ਦਿੱਲੀ ਬਾਰਡਰਾਂ ਲਈ ਰਵਾਨਾ ਹੋਏ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸੰਯੁਕਤ ਕਿਸਾਨ ਮੋਰਚਾ ਵੱਲੋਂ ਬਾਬਾ ਬੰਦਾ ਸਿੰਘ ਦੀ ਸ਼ਹੀਦੀ ਦਿਵਸ ਮਨਾਏ ਜਾਣ ਦੇ ਦਿੱਤੇ ਗਏ ਸੱਦੇ ’ਤੇ ਵੱਖ-ਵੱਖ ਪਿੰਡਾਂ ਤੋਂ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਇਕੱਠੇ ਹੋਏ। ਮਗਰੋਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਿਰਸਾ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਚੌਕ ਪੁੱਜੇ, ਜਿਥੇ ਕਿਸਾਨਾਂ ਨੇ ਬਾਬਾ ਬੰਦਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਐੱਮਐੱਸਪੀ ’ਤੇ ਕਾਨੂੰਨ ਨਹੀਂ ਬਣ ਜਾਂਦਾ।