ਪ੍ਰਭੂ ਦਿਆਲ
ਸਿਰਸਾ, 31 ਮਈ
ਬੰਗਲੌਰ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਰਾਕੇਸ਼ ਟਿਕੈਤ ’ਤੇ ਸਿਆਹੀ ਸੁੱਟੇਣ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਦੇ ਨਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨ ਨੇ ਭਾਜਪਾ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਬੀਕੇਯੂ ਤੇ ਕਿਸਾਨ ਸਭਾ ਨਾਲ ਜੁੜੇ ਕਿਸਾਨ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਤੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਤਰ੍ਹਾਂ ਦੇ ਗੁੰਡਾ ਅਨਸਰਾਂ ਨੂੰ ਨੱਥ ਪਾਵੇ। ਇਸ ਮੌਕੇ ’ਤੇ ਲਖਵਿੰਦਰ ਸਿੰਘ ਲੱਖਾ, ਗੁਰਪ੍ਰੀਤ ਸਿੰਘ ਗਿੱਲ, ਤਿਲਕ ਰਾਜ ਵਿਨਾਇਕ, ਇਕਬਾਲ ਸਿੰਘ, ਕਸ਼ਮੀਰ ਸਿੰਘ ਵੈਦਵਾਲਾ ਸਮੇਤ ਅਨੇਕ ਕਿਸਾਨ ਮੌਜੂਦ ਸਨ।