ਪ੍ਰਭੂ ਦਿਆਲ
ਸਿਰਸਾ, 6 ਅਕਤੂਬਰ
ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਜਥੇਬੰਦੀਆਂ ਨੇ ਐੱਮਐੱਸਪੀ ਤੇ ਹੋਰ ਮੰਗਾਂ ਦੀ ਪੂਰਤੀ ਲਈ ਇਥੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਧਰਨਾ ਲਾਇਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਧਰਨਾ ਦੇ ਰਹੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਨੇ ਕਿਹਾ ਕਿ ਅੱਜ ਤੋਂ ਦੋ ਸਾਲ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਸਿਰਸਾ ’ਚ ਪ੍ਰਦਰਸ਼ਨ ਕਰਦੇ ਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਗਈਆਂ ਸਨ, ਜਿਸ ਮਗਰੋਂ ਕਿਸਾਨਾਂ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਪੱਕਾ ਮੋਰਚਾ ਲਾਇਆ, ਜੋ ਲਗਾਤਾਰ ਸਵਾ ਸਾਲ ਦੇ ਕਰੀਬ ਜਾਰੀ ਰਿਹਾ। ਖੇਤੀ ਕਾਨੂੰਨਾਂ ਨੂੰ ਤਾਂ ਕਿਸਾਨ ਅੰਦੋਲਨ ਦੇ ਦਬਾਅ ਕਾਰਨ ਰੱਦ ਕਰ ਦਿੱਤਾ ਗਿਆ ਪਰ ਉਸ ਸਮੇਂ ਕਿਸਾਨ ਆਗੂਆਂ ਨਾਲ ਕੀਤੇ ਵਾਆਦੇ ਹਾਲੇ ਤੱਕ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਐੱਮਐਸਪੀ ਗਰੰਟੀ ਕਾਨੂੰਨ, ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ, ਬਿਜਲੀ ਸੋਧ ਬਿੱਲ ਰੱਦ ਕਰਵਾਉਣ ਤੋਂ ਇਲਾਵਾ ਕਿਸਾਨਾਂ ਦੀਆਂ ਹੋਰ ਕਈ ਮੰਗਾਂ ਹਨ, ਜਿਸ ਲਈ ਕਿਸਾਨਾਂ ਨੂੰ ਮੁੜ ਤੋਂ ਅੰਦੋਲਨ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ’ਤੇ ਕਿਸਾਨ ਸਭਾ ਦੇ ਆਗੂ ਤਿਲਕ ਰਾਜ ਵਿਨਾਇਕ, ਭਜਨ ਲਾਲ ਬਾਜੇਕਾਂ, ਜੀਤ ਸਿੰਘ, ਗੁਰਮੀਤ ਸਿੰਘ ਤੇ ਗੁਰਾਂਦਿੱਤਾ ਸਮੇਤ ਕਈ ਕਿਸਾਨ ਮੌਜੂਦ ਸਨ।