ਪ੍ਰਭੂ ਦਿਆਲ
ਸਿਰਸਾ, 4 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਵਦੀਨ ਟੌਲ ਪਲਾਜ਼ੇ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਧਰਨੇ ’ਤੇ ਬੈਠੇ ਕਿਸਾਨਾਂ ਨੇ ਅੱਜ ਸੜਕ ਕੰਢੇ ਪੌਦੇ ਲਾ ਕੇ ਆਪਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਨਾਲ ਨਾਲ ਵਾਤਾਵਰਣ ਨੂੰ ਬਚਾਉਣ ਦਾ ਵੀ ਅਹਿਦ ਲਿਆ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਤੇ ਬਿਜਲੀ ਮੰਤਰੀ ਚੌਧਰੀ ਰਣਜੀਤ ਸਿੰਘ ਦੇ ਅਸਤੀਫ਼ਿਆਂ ਦੀ ਮੰਗ ਲਈ ਜਿਥੇ ਸ਼ਹੀਦ ਭਗਤ ਸਿੰਘ ਸਟੇਡੀਅਮ ’ਚ ਪੱਕਾ ਮੋਰਚਾ ਦੇ ਤਹਿਤ ਕਿਸਾਨਾਂ ਦਾ ਧਰਨਾ ਜਾਰੀ ਹੈ ਉਥੇ ਹੀ ਨੈਸ਼ਨਲ ਹਾਈ ਵੇਅ ਨੌਂ ’ਤੇ ਭਾਵਦੀਨ ਟੌਲ ਪਲਾਜ਼ੇ ’ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਇਸ ਮੌਕੇ ’ਤੇ ਕਿਸਾਨ ਆਗੂ ਹਰਵਿੰਦਰ ਸਿੰਘ ਥਿੰਦ, ਸਾਬਕਾ ਪ੍ਰਿੰਸੀਪਲ ਗਿਆਨ ਚੰਦ ਸਮੇਤ ਅਨੇਕ ਕਿਸਾਨ ਮੌਜੂਦ ਸਨ।