ਪ੍ਰਭੂ ਦਿਆਲ
ਸਿਰਸਾ, 27 ਜਨਵਰੀ
ਸਰਕਾਰੀ ਕਰਮਚਾਰੀ ਦਾ ਦਰਜਾ ਲੈਣ ਤੇ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਮੰਗਾਂ ਨੂੰ ਅਮਲੀ ਰੂਪ ’ਚ ਲਾਗੂ ਕਰਵਾਉਣ ਲਈ ਆਂਗਣਵਾੜੀ ਵਰਕਰਾਂ ਨੇ ਕਾਲੀਆਂ ਚੁੰਨੀਆਂ ਲੈ ਕੇ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਨੇੜੇ ਸਰਕਾਰ ਦਾ ਸਿਆਪਾ ਕੀਤਾ। ਮੰਗਾਂ ਪੂਰੀਆਂ ਨਾ ਹੋਣ ਕਾਰਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਅੱਜ ਕਾਲਾ ਦਿਵਸ ਮਨਾਇਆ। ਆਂਗਣਵਾੜੀ ਵਰਕਰ ਤੇ ਹੈਲਪਰ ਅੱਜ ਸਵੇਰੇ ਮਿੰਨੀ ਸਕੱਤਰੇਤ ’ਚ ਇਕੱਠੀਆਂ ਹੋਈਆਂ, ਜਿਥੋਂ ਉਹ ਕਾਲੀਆਂ ਚੁੰਨੀਆਂ ਲੈ ਕੇ ਪ੍ਰਦਰਸ਼ਨ ਕਰਦੀਆਂ ਹੋਈਆਂ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਵੱਲ ਵਧੀਆਂ ਤਾਂ ਬਾਬਾ ਭੂਮਣ ਸ਼ਾਹ ਚੌਕ ’ਤੇ ਪੁਲੀਸ ਨੇ ਬੈਰੀਕੇਡ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਿਰਾਂ ’ਤੇ ਲਈਆਂ ਚੁੰਨੀਆਂ ਲਹਿਰਾਈਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੀ ਯੂਨੀਅਨ ਦੀ ਆਗੂ ਸ਼ਕੁੰਤਲਾ ਜਗਲਾਣ ਤੇ ਪ੍ਰੋਮਿਲਾ ਨੇ ਕਿਹਾ ਆਂਗਣਵਾੜੀ ਵਰਕਰ ਤੇ ਹੈਲਪਰ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਪੌਣੇ ਦੋ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ।