ਪ੍ਰਭੂ ਦਿਆਲ
ਸਿਰਸਾ, 17 ਮਈ
ਭਵਨ ਨਿਰਮਾਣ ਲੇਬਰ ਯੂਨੀਅਨ ਦੇ ਬੈਨਰ ਹੇਠ ਕਾਮਿਆਂ ਨੇ ਆਪਣੀਆਂ ਮੰਗਾਂ ਲਈ ਪ੍ਰਦਰਸ਼ਨ ਕੀਤਾ ਅਤੇ ਲੇਬਰ ਅਧਿਕਾਰੀ ਦਾ ਪੁਤਲਾ ਫੂਕਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਲੇਬਰ ਕੋਰਟ ਦੇ ਅਧਿਕਾਰੀਆਂ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਬੈਨਰ ਹੇਠ ਵੱਖ-ਵੱਖ ਪਿੰਡਾਂ ਦੇ ਮਜ਼ਦੂਰ ਟਾਊਨ ਪਾਰਕ ਇਕੱਠੇ ਹੋਏ, ਜਿਥੋਂ ਉਹ ਪ੍ਰਦਰਸ਼ਨ ਕਰਦੇ ਹੋਏ ਮਿੰਨੀ ਸਕੱਤਰੇਤ ਪੁੱਜੇ ਅਤੇ ਲੇਬਰ ਕੋਰਟ ਦਫ਼ਤਰ ਦਾ ਘਿਰਾਓ ਕੀਤਾ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਬਾਬਾ ਭੂਮਣ ਸ਼ਾਹ ਚੌਕ ’ਤੇ ਕੋਰਟ ਦੇ ਅਧਿਕਾਰੀ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਆਗੂਆਂ ਨੇ ਦੋਸ਼ ਲਾਇਆ ਕਿ ਅਧਿਕਾਰੀ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਲਟਕਾ ਰਿਹਾ ਹੈ, ਜਿਸ ਕਾਰਨ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦਾ ਮਜ਼ਦੂਰਾਂ ਨੂੰ ਲਾਭ ਨਹੀਂ ਮਿਲ ਰਿਹਾ। ਪ੍ਰਦਰਸ਼ਨਕਾਰੀਆਂ ’ਚ ਮਹਿਲਾਵਾਂ ਵੀ ਵੱਡੀ ਗਿਣਤੀ ’ਚ ਮੌਜੂਦ ਸਨ।