ਪ੍ਰਭੂ ਦਿਆਲ
ਸਿਰਸਾ, 9 ਅਗਸਤ
ਆਜ਼ਾਦੀ ਮਹਾਉਤਸਵ ਪ੍ਰੋਗਰਾਮ ਤਹਿਤ ਹਰ ਘਰ ਤਿਰੰਗਾ ਝੰਡਾ ਮੁਹਿੰਮ ਨੂੰ ਸਫ਼ਲ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਸਕੂਲਾਂ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਤਿਰੰਗਾ ਯਾਤਰਾਵਾਂ ਕੱਢੀਆਂ ਗਈਆਂ। ਇਸ ਦੌਰਾਨ ਲੋਕਾਂ ਨੂੰ 13 ਤੋਂ 15 ਅਗਸਤ ਤੱਕ ਆਪਣੇ ਘਰਾਂ ’ਤੇ ਰਾਸ਼ਟਰੀ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ। ਹਰ ਘਰ ਤਿਰੰਗਾ ਝੰਡਾ ਮੁਹਿੰਮ ਦੇ ਤਹਿਤ ਪਿੰਡ ਫਰਵਾਈ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਾਈਕਲ ਯਾਤਰਾ ਕੱਢ ਲੋਕਾਂ ਨੂੰ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ’ਤੇ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਪਰਸਨ ਸੰਤੋਸ਼ ਦੇਵੀ ਨੇ ਸਾਈਕਲ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਤੋਂ ਪਹਿਲਾਂ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ। ਇਸੇ ਤਰ੍ਹਾਂ ਰੈਡ ਕਰਾਸ ਸੁਸਾਇਟੀ ਵੱਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਵਿੱਚ ਤਿਰੰਗਾ ਯਾਤਰਾ ਕੱਢੀ ਗਈ। ਯਾਤਰਾ ਦੌਰਾਨ ਲੋਕਾਂ ਨੂੰ ਆਪਣੇ ਘਰਾਂ ’ਤੇ ਤਿਰੰਗਾ ਝੰਡਾ ਲਹਿਰਾਉਣ ਲਈ ਪ੍ਰੇਰਿਤ ਕੀਤਾ ਗਿਆ। ਰਾਜਪੂਤ ਪ੍ਰਤੀਨਿਧੀ ਸਭਾ ਅਤੇ ਮਹਾਂਵੀਰ ਦਲ ਸਕੂਲ ਵੱਲੋਂ ਵੀ ਤਿਰੰਗਾ ਯਾਤਰਾ ਕੱਢੀ ਗਈ।