ਏ ਡੀ ਜੀ ਪੀ ਖ਼ੁਦਕੁਸ਼ੀ ਮਾਮਲੇ ’ਚ ਛੇ ਮੈਂਬਰੀ ਸਿੱਟ ਕਾਇਮ
ਹਰਿਆਣਾ ਦੇ ਸੀਨੀਅਰ ਆਈ ਪੀ ਐੱਸ ਅਧਿਕਾਰੀ ਏ ਡੀ ਜੀ ਪੀ ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਦੀ ਜਾਂਚ ਲਈ ਚੰਡੀਗੜ੍ਹ ਪੁਲੀਸ ਨੇ ਅੱਜ ਆਈ ਜੀ ਪੁਸ਼ਪਿੰਦਰ ਕੁਮਾਰ ਦੀ ਅਗਵਾਈ ਹੇਠ ਛੇ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦਾ ਗਠਨ ਕੀਤਾ ਹੈ। ਦੂਜੇ ਪਾਸੇ ਵਾਈ ਪੂਰਨ ਕੁਮਾਰ ਦੀ ਪਤਨੀ ਅਮਨੀਤ ਪੀ ਕੁਮਾਰ ਨੇ ਚੰਡੀਗੜ੍ਹ ਪੁਲੀਸ ਵੱਲੋਂ ਦੇਰ ਰਾਤ ਦਰਜ ਕੀਤੀ ਗਈ ਐੱਫ ਆਈ ਆਰ ’ਤੇ ਇਤਰਾਜ਼ ਜਤਾਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਲਈ ਗਠਿਤ ਕੀਤੀ ਗਈ ਛੇ ਮੈਂਬਰੀ ਸਿੱਟ ਵਿੱਚ ਚੰਡੀਗੜ੍ਹ ਦੇ ਆਈ ਜੀ ਪੁਸ਼ਪਿੰਦਰ ਕੁਮਾਰ ਤੋਂ ਇਲਾਵਾ ਐੱਸ ਐੱਸ ਪੀ ਕੰਵਰਦੀਪ ਕੌਰ, ਐੱਸ ਪੀ (ਸਿਟੀ) ਕੇ ਐੱਮ ਪ੍ਰਿਆਂਕ, ਡੀ ਐੱਸ ਪੀ ਚਰਨਜੀਤ ਸਿੰਘ ਵਿਰਕ ਅਤੇ ਥਾਣਾ ਸੈਕਟਰ-11 ਦੇ ਐੱਸ ਐੱਚ ਓ ਜਸਵੀਰ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਦੂਜੇ ਪਾਸੇ ਮਰਹੂਮ ਏ ਡੀ ਜੀ ਪੀ ਦੀ ਪਤਨੀ ਅਮਨੀਤ ਪੀ ਕੁਮਾਰ ਨੇ ਚੰਡੀਗੜ੍ਹ ਪੁਲੀਸ ਦੀ ਐੱਸ ਐੱਸ ਪੀ ਨੂੰ ਪੱਤਰ ਲਿੱਖ ਕੇ ਐੱਫ ਆਈ ਆਰ ਵਿੱਚ ਡੀ ਜੀ ਪੀ ਸ਼ਤਰੂਜੀਤ ਕਪੂਰ, ਰੋਹਤਕ ਦੇ ਐੱਸ ਪੀ ਨਰਿੰਦਰ ਬਿਜਾਰਨੀਆ ਸਣੇ ਹੋਰਨਾਂ ਮੁਲਜ਼ਮਾਂ ਦੇ ਨਾਂ ਸਪੱਸ਼ਟ ਤੌਰ ’ਤੇ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਵਾਈ ਪੂਰਨ ਕੁਮਾਰ ਵੱਲੋਂ ਲਿਖੇ ਖੁਦਕੁਸ਼ੀ ਨੋਟ ਵਿੱਚ ਦੋਵਾਂ ਅਧਿਕਾਰੀਆਂ ਦੇ ਨਾਂ ਸਪੱਸ਼ਟ ਤੌਰ ’ਤੇ ਲਿਖੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਚੰਡੀਗੜ੍ਹ ਪੁਲੀਸ ਵੱਲੋਂ ਲਾਈਆਂ ਗਈਆਂ ਐੱਸ ਸੀ/ਐੱਸ ਟੀ ਐਕਟ ਦੀਆਂ ਧਾਰਾਵਾਂ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਈ ਪੂਰਨ ਕੁਮਾਰ ਵੱਲੋਂ ਖੁਦਕੁਸ਼ੀ ਕਰਨ ਤੋਂ ਬਾਅਦ ਪੁਲੀਸ ਨੂੰ ਮਿਲੇ ਖੁਦਕੁਸ਼ੀ ਪੱਤਰ ਦੀ ਕਾਪੀ ਵੀ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ। ਉਹ ਵੀ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਡੀ ਜੀ ਪੀ ਸ਼ਤਰੂਜੀਤ ਕਪੂਰ ਅਤੇ ਐੱਸ ਪੀ ਨਰਿੰਦਰ ਬਿਜਾਰਨੀਆ ਵਿਰੁੱਧ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਤੱਕ ਆਪਣੇ ਪਤੀ ਦੀ ਲਾਸ਼ ਦਾ ਪੋਸਟਮਾਰਟਮ ਨਾ ਕਰਵਾਉਣ ਦੀ ਗੱਲ ਕਹੀ ਹੈ। ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲੀਸ ਨੇ ਲੰਘੀ ਰਾਤ 10.22 ਵਜੇ ਆਈ ਪੀ ਐੱਸ ਅਧਿਕਾਰੀ ਵੱਲੋਂ ਲਿਖੇ ਖੁਦਕੁਸ਼ੀ ਨੋਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਸੀ। ਚੰਡੀਗੜ੍ਹ ਪੁਲੀਸ ਵੱਲੋਂ ਕੇਸ ਵਿੱਚ ਸਿੱਧੇ ਤੌਰ ’ਤੇ ਕਿਸੇ ਨੂੰ ਨਾਮਜ਼ਦ ਕਰਨ ਦੀ ਥਾਂ ਖੁਦਕੁਸ਼ੀ ਪੱਤਰ ਵਿੱਚ ਲਿਖੇ ਗਏ ਨਾਵਾਂ ਖ਼ਿਲਾਫ਼ ਕੇਸ ਦਰਜ ਕਰਨ ਦਾ ਹਵਾਲਾ ਦਿੱਤਾ ਗਿਆ ਹੈ।
ਭਾਜਪਾ ਦੇ ਰਾਜ ’ਚ ਦਲਿਤਾਂ ’ਤੇ ਜ਼ੁਲਮ ਵਧੇ: ਕਾਂਗਰਸ
ਨਵੀਂ ਦਿੱਲੀ: ਹਰਿਆਣਾ ਵਿੱਚ ਆਈ ਪੀ ਐੱਸ ਅਧਿਕਾਰੀ ਵੱਲੋਂ ਕਥਿਤ ਤੌਰ ’ਤੇ ਜਾਤੀ ਆਧਾਰਤ ਵਿਤਕਰੇ ਕਾਰਨ ਕੀਤੀ ਗਈ ਖੁਦਕੁਸ਼ੀ ਦੇ ਮੁੱਦੇ ’ਤੇ ਕਾਂਗਰਸ ਨੇ ਭਾਜਪਾ ਖ਼ਿਲਾਫ਼ ਆਪਣਾ ਹਮਲਾ ਤੇਜ਼ ਕਰਦਿਆਂ ਅੱਜ ਦਾਅਵਾ ਕੀਤਾ ਕਿ ਮੌਜੂਦਾ ਸ਼ਾਸਨ ਵਿੱਚ ਦਲਿਤਾਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਖ਼ਿਲਾਫ਼ ਅਪਰਾਧ ਤੇਜ਼ੀ ਨਾਲ ਵਧ ਰਹੇ ਹਨ। ਕਾਂਗਰਸ ਨੇ ਕਿਹਾ ਕਿ ਦੱਬੇ-ਕੁਚਲੇ ਵਰਗਾਂ ਨੂੰ ਡਰਾਉਣ ਅਤੇ ਦਬਾਉਣ ਦੀ ਇਹ ਰਾਜਨੀਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਪੈਦਾ ਕਰ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨ ਸੀ ਆਰ ਬੀ) ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦਿਆਂ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਕਿ 2013 ਅਤੇ 2023 ਦਰਮਿਆਨ ਦਲਿਤਾਂ ਖ਼ਿਲਾਫ਼ ਅਪਰਾਧਾਂ ਵਿੱਚ 46 ਫੀਸਦੀ ਦਾ ਵਾਧਾ ਹੋਇਆ ਹੈ, ਜਦਕਿ ਇਸੇ ਸਮੇਂ ਦੌਰਾਨ ਕਬਾਇਲੀਆਂ ਖ਼ਿਲਾਫ਼ ਅਪਰਾਧਾਂ ਵਿੱਚ
91 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ, ‘ਹਰਿਆਣਾ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਖੁਦਕੁਸ਼ੀ ਉਸ ਸਮਾਜਿਕ ਜ਼ਹਿਰ ਦਾ ਪ੍ਰਤੀਕ ਹੈ ਜੋ ਜਾਤ ਦੇ ਨਾਂ ’ਤੇ ਮਨੁੱਖਤਾ ਨੂੰ ਨਿਗਲ ਰਿਹਾ ਹੈ।’ ਉਨ੍ਹਾਂ ਕਿਹਾ, ‘ਜਦੋਂ ਆਈ ਪੀ ਐੱਸ ਅਧਿਕਾਰੀ ਨੂੰ ਆਪਣੀ ਜਾਤ ਕਾਰਨ ਅਪਮਾਨ ਅਤੇ ਜ਼ੁਲਮ ਸਹਿਣਾ ਪੈਂਦਾ ਹੈ, ਤਾਂ ਸੋਚੋ ਕਿ ਇੱਕ ਆਮ ਦਲਿਤ ਨਾਗਰਿਕ ਕਿਹੋ ਜਿਹੇ ਹਾਲਾਤ ਵਿੱਚ ਰਹਿ ਰਿਹਾ ਹੋਵੇਗਾ।’ ਖੜਗੇ ਨੇ ਐਕਸ ’ਤੇ ਕਿਹਾ, ‘ਹਰਿਆਣਾ ਵਿੱਚ ਆਈ ਪੀ ਐੱਸ ਅਧਿਕਾਰੀ ਨਾਲ ਜਾਤੀ ਵਿਤਕਰਾ, ਹਰੀਓਮ ਵਾਲਮੀਕਿ ਨੂੰ ਤੰਗ-ਪ੍ਰੇਸ਼ਾਨ ਕਰਨਾ, ਭਾਰਤ ਦੇ ਚੀਫ਼ ਜਸਟਿਸ ’ਤੇ ਹਮਲਾ ਅਤੇ ਇਸ ਨੂੰ ਸਹੀ ਠਹਿਰਾਉਣ ਵਾਲੀ ਭਾਜਪਾ ਦੀ ਮਾਨਸਿਕਤਾ, ਭਾਜਪਾ ਸ਼ਾਸਿਤ ਰਾਜਸਥਾਨ ਦੇ ਸਵਾਈ ਮਾਧੋਪੁਰ ਜ਼ਿਲ੍ਹੇ ਵਿੱਚ ਬਜ਼ੁਰਗ ਦਲਿਤ ਔਰਤ ਕਮਲਾ ਦੇਵੀ ਰੈਗਰ ’ਤੇ ਹੋਏ ਅੱਤਿਆਚਾਰ... ਇਹ ਸਾਰੀਆਂ ਹਾਲੀਆ ਘਟਨਾਵਾਂ ਵੱਖ-ਵੱਖ ਘਟਨਾਵਾਂ ਨਹੀਂ ਹਨ, ਸਗੋਂ ਇਹ ਆਰ ਐੱਸ ਐੱਸ-ਭਾਜਪਾ ਦੀ ਮਾੜੀ ਸੋਚ ਦਾ ਖ਼ਤਰਨਾਕ ਪ੍ਰਗਟਾਵਾ ਹਨ।’ ਉਨ੍ਹਾਂ ਕਿਹਾ, ‘ਘਟਨਾਵਾਂ ਦੀ ਇਹ ਲੜੀ ਭਾਰਤ ਦੇ ਸੰਵਿਧਾਨ, ਸਮਾਜਿਕ ਨਿਆਂ ਅਤੇ ਬਰਾਬਰੀ ਦੇ ਬੁਨਿਆਦੀ ਸਿਧਾਂਤਾਂ ’ਤੇ ਸਿੱਧਾ ਹਮਲਾ ਹੈ।’ ਇਸੇ ਤਰ੍ਹਾਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਕਿ ਜੇ ਉੱਚ ਅਹੁਦਿਆਂ ’ਤੇ ਬੈਠੇ ਦਲਿਤਾਂ ਦੀ ਇਹ ਹਾਲਤ ਹੈ, ਤਾਂ ਸੋਚੋ ਕਿ ਆਮ ਦਲਿਤ ਸਮਾਜ ਕਿਹੋ ਜਿਹੇ ਹਾਲਾਤ ਵਿੱਚ ਜੀਅ ਰਿਹਾ ਹੋਵੇਗਾ। -ਪੀਟੀਆਈ
ਅਨੁਸੂਚਿਤ ਜਾਤੀਆਂ ਵਿਰੁੱਧ ਅਪਰਾਧ ਵਧੇ: ਚੀਮਾ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹਰਿਆਣਾ ਕੇਡਰ ਦੇ ਆਈ ਪੀ ਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਵੱਲੋਂ ਲਿਖੇ ‘ਆਖਰੀ ਨੋਟ’ ਵਿੱਚ ਕੀਤੇ ਗਏ ਖੁਲਾਸਿਆਂ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਸ਼ਾਸਿਤ ਰਾਜਾਂ ਵਿੱਚ ਅਨੁਸੂਚਿਤ ਜਾਤੀਆਂ (ਐੱਸ ਸੀ) ਅਤੇ ਅਨੁਸੂਚਿਤ ਜਨਜਾਤੀਆਂ (ਐੱਸ ਟੀ) ਵਿਰੁੱਧ ਪ੍ਰਤੱਖ ਤੌਰ ’ਤੇ ਜਾਤੀ-ਆਧਾਰਿਤ ਵਿਤਕਰੇ ਅਤੇ ਤਸ਼ੱਦਦ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਐੱਸ ਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਨੇ ਵੀ ਵਾਈ ਪੂਰਨ ਕੁਮਾਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਨੂੰ ਭਾਜਪਾ ਸ਼ਾਸਨ ਦੀ ਨਾਕਾਮੀ ਦੱਸਿਆ ਜਿੱਥੇ ਦਲਿਤ ਅਧਿਕਾਰੀ ਵੀ ਸੁਰੱਖਿਅਤ ਨਹੀਂ ਹਨ।