ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 2 ਜਨਵਰੀ
ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਗਰੁੱਪ ਏ ਦੇ ਜ਼ਿਲ੍ਹਿਆਂ ਗੁਰੂਗ੍ਰਾਮ, ਫਰੀਦਾਬਾਦ, ਅੰਬਾਲਾ, ਪੰਚਕੂਲਾ ਤੇ ਸੋਨੀਪਤ ਵਿੱਚ ਪ੍ਰਤੀ ਦਿਨ ਪਾਜ਼ੇਟਿਵ ਕੇਸਾਂ ਦੇ ਆਧਾਰ ’ਤੇ ਕੁਝ ਹੋਰ ਪਾਬੰਦੀਆਂ ਵੀ ਲਗਾਈਆਂ ਗਈਆਂ ਹਨ। ਫਰੀਦਾਬਾਦ ਜ਼ਿਲ੍ਹਾ ਕੁਲੈਕਟਰ ਜਤਿੰਦਰ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਪ੍ਰਕੋਪ ਕਾਰਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਕਾਲਜ, ਪੌਲੀਟੈਕਨਿਕ, ਆਈਟੀਆਈ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰ 3 ਤੋਂ 12 ਜਨਵਰੀ ਤੱਕ ਬੰਦ ਰਹਿਣਗੇ। ਜ਼ਿਲ੍ਹੇ ਦੇ ਮਾਲ ਅਤੇ ਬਾਜ਼ਾਰ ਸ਼ਾਮ 5 ਵਜੇ ਤੱਕ ਹੀ ਖੁੱਲ੍ਹੇ ਰੱਖੇ ਜਾ ਸਕਣਗੇ। ਬਾਰ ਤੇ ਰੈਸਟੋਰੈਂਟ 50% ਬੈਠਣ ਦੀ ਸਮਰੱਥਾ ਨਾਲ ਕੰਮ ਕਰਨਗੇ। ਯਾਦਵ ਨੇ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਦੇ ਚੇਅਰਮੈਨ ਤੇ ਹਰਿਆਣਾ ਦੇ ਮੁੱਖ ਸਕੱਤਰ ਦੇ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹੇ ਵਿੱਚ ਇਹ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਸਸਕਾਰ ਤੇ ਵਿਆਹ ਸਮਾਗਮਾਂ ’ਚ ਕ੍ਰਮਵਾਰ 50 ਤੇ 100 ਤੋਂ ਵੱਧ ਲੋਕ ਸ਼ਾਮਲ ਨਹੀਂ ਹੋ ਸਕਦੇ। ਜ਼ਿਲ੍ਹੇ ਵਿੱਚ ‘ਨੋ ਮਾਸਕ ਨੋ ਸਰਵਿਸ’ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਆਵਾਜਾਈ ’ਤੇ ਪਾਬੰਦੀ ਰਹੇਗੀ। ਸਿਨੇਮਾ ਹਾਲ, ਥੀਏਟਰ, ਮਲਟੀਪਲੈਕਸ, ਸਾਰੇ ਖੇਡ ਕੰਪਲੈਕਸ, ਸਟੇਡੀਅਮ, ਸਵਿਮਿੰਗ ਪੂਲ ਬੰਦ ਰੱਖੇ ਜਾਣਗੇ। ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਹੀ ਛੋਟ ਹੋਵੇਗੀ। ਸਾਰੇ ਮਨੋਰੰਜਨ ਪਾਰਕਾਂ ਤੇ ਬਿਜ਼ਨਸ-ਟੂ-ਬਿਜ਼ਨਸ ਪ੍ਰਦਰਸ਼ਨੀਆਂ ’ਤੇ ਵੀ ਪਾਬੰਦੀ ਹੋਵੇਗੀ। ਸਰਕਾਰੀ ਤੇ ਪ੍ਰਾਈਵੇਟ ਅਦਾਰਿਆਂ ਦੇ ਦਫ਼ਤਰਾਂ ਨੂੰ 50 ਫੀਸਦੀ ਸਟਾਫ਼ ਨਾਲ ਕੰਮ ਕਰਨ ਦੀ ਸਲਾਹ ਦਿੱਤੀ ਗਈ ਹੈ।