Stubble Burning: ਪਰਾਲੀ ਸਾੜਨ ਤੋਂ ਰੋਕਣ ਲਈ ਸਖ਼ਤੀ
ਅੱਗ ਦੀ ਘਟਨਾ ਸਾਹਮਣੇ ਆਉਣ ’ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕਾਰਵਾਈ ਹੋਵੇਗੀ: ਸੋਨੀ
ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਪਰਾਲੀ ਸਾੜਨ ਤੋਂ ਰੋਕਣ ਲਈ ਤਿਆਰੀ ਕਰ ਲਈ ਹੈ। ਅੱਜ ਕਿਸਾਨ ਆਰਾਮ ਘਰ ਬਾਬੈਨ ਵਿੱਚ ਲਾਡਵਾ ਦੇ ਐੱਸ ਡੀ ਐੱਮ ਰਾਜੇਸ਼ ਸੋਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿੱਚ ਨੋਡਲ ਅਧਿਕਾਰੀ ਡਾ. ਸੁਨੀਲ ਮਾਨ, ਬਲਾਕ ਖੇਤੀਬਾੜੀ ਅਧਿਕਾਰੀ ਡਾ. ਅਮਿਤ ਕੰਬੋਜ, ਨਾਇਬ ਤਹਿਸੀਲਦਾਰ ਗੀਤਾ ਰਾਮ ਅਤੇ ਬੀ ਡੀ ਪੀ ਓ ਸੁਸ਼ੀਲ ਮੰਗਲਾ ਆਦਿ ਮੌਜੂਦ ਸਨ। ਇਸ ਮੌਕੇ ਐੱਸ ਡੀ ਐੱਮ ਰਾਜੇਸ਼ ਸੋਨੀ ਨੇ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਸਰਕਾਰ ਲਈ ਇੱਕ ਤਰਜੀਹ ਹੈ, ਇਸ ਲਈ ਕਿਸੇ ਵੀ ਪੱਧਰ ’ਤੇ ਢਿੱਲ ਜਾਂ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤਰ ਵਿੱਚ ਪਰਾਲੀ ਸਾੜਨ ਦੀ ਕੋਈ ਘਟਨਾ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਮੁਲਾਜ਼ਮ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਨੋਡਲ ਅਧਿਕਾਰੀ ਡਾ. ਸੁਨੀਲ ਮਾਨ ਨੇ ਮੌਜੂਦ ਅਧਿਕਾਰੀਆਂ ਅਤੇ ਸਟਾਫ਼ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ ਦੇ ਤਕਨੀਕੀ ਪਹਿਲੂਆਂ ਅਤੇ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਿਸਾਨ ਸੁਪਰ ਸੀਡਰ, ਹੈਪੀ ਸੀਡਰ, ਬੇਲਰ ਆਦਿ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਢੰਗ ਨਾਲ ਨਿਬੇੜਾ ਕਰ ਸਕਦੇ ਹਨ। ਉਨ੍ਹਾਂ ਨੇ ਸਟਾਫ਼ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਖੇਤਾਂ ਵਿੱਚ ਜਾਣ, ਕਿਸਾਨਾਂ ਨਾਲ ਸਿੱਧੇ ਤੌਰ ਉੱਤੇ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਣਕਾਰੀ ਦੇਣ। ਬਲਾਕ ਖੇਤੀਬਾੜੀ ਅਧਿਕਾਰੀ ਅਮਿਤ ਕੰਬੋਜ ਅਤੇ ਬੀ ਡੀ ਪੀ ਓ ਸੁਸ਼ੀਲ ਮੰਗਲਾ ਨੇ ਆਪਣੇ ਵਿਭਾਗਾਂ ਦੀਆਂ ਫ਼ੀਲਡ ਟੀਮਾਂ ਨੂੰ ਸੁਚੇਤ ਰਹਿਣ ਅਤੇ ਨਿਯਮਤ ਨਿਗਰਾਨੀ ਦੇ ਆਦੇਸ਼ ਦਿੱਤੇ। ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਫ਼ੀਲਡ ਟੀਮਾਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਵੇਗਾ।

