ਵਿਦਿਆਰਥੀਆਂ ਨੇ ਹਰਿਆਣਾ ਦਿਵਸ ਮਨਾਇਆ
ਸਥਾਨਕ ਭਾਰਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਹਰਿਆਣਾ ਦਿਵਸ ਬੜੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਸਰਪ੍ਰਸਤ ਅਤੇ ਸਾਬਕਾ ਸੰਸਦ ਮੈਂਬਰ ਕੈਲਾਸ਼ੋ ਸੈਣੀ ਨੇ ਸਾਰਿਆਂ ਨੂੰ ਹਰਿਆਣਾ ਦਿਵਸ ਦੀਆਂ ਸ਼ੁੱਭਕਾਮਨਾਵਾਂ ਦੇ ਕੇ ਕੀਤੀ। ਆਪਣੇ ਸੰਬੋਧਨ ਵਿੱਚ ਕੈਲਾਸ਼ੋ ਸੈਣੀ ਨੇ ਕਿਹਾ ਕਿ ਹਰਿਆਣਾ ਦਿਵਸ ਸੂਬੇ ਦੇ ਲੋਕਾਂ ਲਈ ਮਾਣ ਦਾ ਦਿਨ ਹੈ ਅਤੇ ਇਹ ਦਿਨ ਸੂਬੇ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਖੇਡਾਂ, ਉਦਯੋਗ ਅਤੇ ਸਿੱਖਿਆ ਦੇ ਖੇਤਰ ਵਿੱਚ ਦੇਸ਼ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸੁਨੀਤਾ ਖੰਨਾ ਨੇ ਵੀ ਸਾਰਿਆਂ ਨੂੰ ਵਧਾਈ ਦਿੰਦਿਆਂ ਹਰਿਆਣਾ ਦੇ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪਹਿਲੀ ਨਵੰਬਰ 1966 ਨੂੰ ਹਰਿਆਣਾ ਰਾਜ ਪੰਜਾਬ ਤੋਂ ਵੱਖ ਹੋ ਕੇ ਇੱਕ ਵੱਖਰੇ ਸੂਬੇ ਵਜੋਂ ਹੋਂਦ ਵਿੱਚ ਆਇਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦਾ ਇਤਿਹਾਸ ਬਹੁਤ ਪੁਰਾਣਾ ਹੈ; ਮਹਾਭਾਰਤ ਦਾ ਯੁੱਧ ਵੀ ਇਸੇ ਧਰਤੀ ’ਤੇ ਲੜਿਆ ਗਿਆ ਸੀ ਅਤੇ ਪਾਣੀਪਤ ਦੀਆਂ ਤਿੰਨ ਇਤਿਹਾਸਕ ਲੜਾਈਆਂ ਨੇ ਭਾਰਤ ਦੇ ਇਤਿਹਾਸ ਦਾ ਰੁਖ਼ ਬਦਲ ਦਿੱਤਾ ਸੀ। ਉਨਾਂ ਕਿਹਾ ਕਿ ਸਾਡਾ ਹਰਿਆਣਾ ਹਰਿਆ ਭਰਿਆ ਹੈ। ਇਸ ਸਮਾਗਮ ਦੌਰਾਨ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਨੇ ਵੀ ਹਰਿਆਣਾ ਦਿਵਸ ’ਤੇ ਭਾਸ਼ਣ ਦਿੱਤੇ। ਬੱਚਿਆਂ ਨੇ ਹਰਿਆਣਵੀ ਗੀਤਾਂ ’ਤੇ ਨੱਚ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਸਾਰਿਆਂ ਦਾ ਮਨ ਮੋਹ ਲਿਆ।
