ਸਤਲੁਜ ਈਕੋ ਕਲੱਬ ਨੇ ਵਿਦਿਆਰਥੀਆਂ ਨੂੰ ਬੂਟੇ ਵੰਡੇ
ਸਤਲੁਜ ਈਕੋ ਕਲੱਬ ਵੱਲੋਂ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਵਿਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਤਹਿਤ ਪੌਦੇ ਲਗਾਏ ਗਏ। ਇਸ ਦੌਰਾਨ ਸਕੂਲ ਦੇ ਲਗਪਗ 150 ਬੱਚਿਆਂ ਨੂੰ ਵੱਖ-ਵੱਖ ਕਿਸਮਾਂ ਦੇ ਪੌਦੇ ਵੰਡੇ ਗਏ ਤੇ ਸਕੂਲ ਮੈਦਾਨ ਵਿੱਚ 20 ਪੌਦੇ ਲਗਾਏ ਗਏ। ਸਕੂਲ ਦੇ ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਸ ਧਰਤੀ ਨੂੰ ਹਰਾ ਭਰਾ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾ ਕੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਰੁੱਖ ਸਾਡੇ ਜੀਵਨ ਦਾ ਆਧਾਰ ਹਨ ਜਿਨ੍ਹਾਂ ਤੋਂ ਬਿਨਾਂ ਧਰਤੀ ’ਤੇ ਜੀਵਨ ਸੰਭਵ ਨਹੀਂ ਹੈ। ਡਾ. ਘੁੰਮਣ ਨੇ ਕਿਹਾ ਕਿ ਅੱਜ ਦੇ ਯੁੱਗ ਵਿਚ ਰੁੱਖਾਂ ਦੀ ਮਹੱਤਤਾ ਦੀ ਅਣਦੇਖੀ ਕੀਤੀ ਜਾ ਰਹੀ ਹੈ ਤੇ ਰੁੱਖਾਂ ਦੀ ਅੰਨ੍ਹੇਵਾਹ ਕਟਾਈ ਕਾਰਨ ਅੱਜ ਮਨੁੱਖ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਤੇ ਕਿਹਾ ਕਿ ਜੁਲਾਈ ਤੇ ਅਗਸਤ ਦਾ ਮਹੀਨਾ ਛੋਟੇ ਪੌਦਿਆਂ ਦੇ ਵਾਧੇ ਲਈ ਅਨੂਕੂਲ ਹੁੰਦਾ ਹੈ। ਇਸ ਲਈ ਸਾਨੂੰ ਇਸ ਮਹੀਨੇ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਬੱਚਿਆਂ ਨੂੰ ਪੌਦੇ ਲਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖ-ਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸਤਬੀਰ ਸਿੰਘ, ਮੁਕੇਸ਼ ਦੂਆ, ਵਿਪਿਨ ਗੁਪਤਾ, ਲੀਨਾ, ਜਸਵਿੰਦਰ ਕੌਰ, ਸਾਹਿਲ ਰਹੇਜਾ, ਪੂਜਾ, ਰਾਣੀ, ਅਮਨਦੀਪ ,ਅਰਸ਼ਦੀਪ ਕੌਰ ,ਅੰਕੁਸ਼, ਬਲਵਾਨ ਆਦਿ ਮੌਜੂਦ ਸਨ।