ਪੱਤਰ ਪ੍ਰੇਰਕ
ਰਤੀਆ, 30 ਅਕਤੂਬਰ
ਪਿਛਲੇ ਕੁਝ ਸਮੇਂ ਤੋਂ ਸਫਾਈ ਕਰਮਚਾਰੀਆਂ ਦੀ ਹੜਤਾਲ ਦੇ ਚੱਲਦਿਆਂ ਸ਼ਹਿਰ ਵਿੱਚ ਗੰਦਗੀ ਦੇ ਵੱਡੇ-ਵੱਡੇ ਢੇਰ ਲੱਗ ਗਏ ਹਨ। ਇਸ ਕਾਰਨ ਸਫਾਈ ਵਿਵਸਥਾ ਬੁਰੀ ਤਰ੍ਹਾਂ ਚਰਮਰਾ ਗਈ ਹੈ ਅਤੇ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਦਾ ਖਦਸ਼ਾ ਪੈਦਾ ਹੋ ਗਿਆ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਸ ਹੜਤਾਲ ਦੇ ਚੱਲਦਿਆਂ ਸ਼ਹਿਰ ਅੰਦਰ ਗੰਦਗੀ ਫੈਲ ਰਹੀ ਹੈ ਅਤੇ ਇਸ ਨਾਲ ਵੱਡੇ ਪੱਧਰ ’ਤੇ ਬਿਮਾਰੀਆਂ ਫੈਲ ਸਕਦੀਆਂ ਹਨ ਅਤੇ ਸਰਕਾਰ ਨੂੰ ਇਸ ਪਾਸੇ ਵੱਲ ਵਿਸੇਸ਼ ਧਿਆਨ ਦੇ ਕੇ ਇਸ ਸਮੱਸਿਆ ਦਾ ਹੱਲ ਕਰਨਾ ਚਾਹੀਦਾ ਹੈ। ਸ਼ਹਿਰ ਦੇ ਵੱਖ-ਵੱਖ ਥਾਵਾਂ ’ਤੇ ਕੂੜੇ ਦੇ ਢੇਰ ਦਿਖਾਈ ਦੇਣ ਲੱਗੇ ਹਨ। ਇਸ ਮੌਕੇ ਨਗਰ ਪਾਲਿਕਾ ਦੇ ਚੇਅਰਪਰਸਨ ਮਹੇਸ਼ ਖੰਨਾ ਨੇ ਕਿਹਾ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਕਿ ਸ਼ਹਿਰ ਦੀ ਵਿਗੜ ਰਹੀ ਸਫਾਈ ਵਿਵਸਥਾ ਨੂੰ ਦਰੁਸਤ ਕੀਤਾ ਜਾ ਸਕੇ।ਨਗਰ ਪਾਲਿਕਾ ਦੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਸੂਬਾ ਪੱਧਰੀ ਹੜਤਾਲ 9ਵੇਂ ਦਿਨ ਵਿੱਚ ਸ਼ਾਮਲ ਹੋ ਗਈ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਕੋਈ ਉਚਿੱਤ ਫੈਸਲਾ ਨਾ ਕੀਤੇ ਜਾਣ ਦੇ ਰੋਸ ਵੱਜੋਂ ਇਹ ਹੜਤਾਲ 3 ਦਿਨ ਹੋਰ ਵਧਾਉਣ ਦਾ ਫੈਸਲਾ ਕੀਤਾ ਹੈ। ਇਸ ਹੜਤਾਲ ਦੇ ਤਹਿਤ ਨਗਰ ਪਾਲਿਕਾ ਕਰਮਚਾਰੀਆਂ ਨੇ ਨਗਰ ਪਾਲਿਕਾ ਦਫਤਰ ਅੱਗੇ ਧਰਨਾ ਲਾ ਕੇ ਸੂਬਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।