ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਅਪਰੈਲ
ਹਰਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਪਸਾਰ ਨੂੰ ਵੇਖਦਿਆਂ ਭਾਜਪਾ ਸਰਕਾਰ ਨੇ ‘ਆਪ’ ਦੇ ਮੁੱਖ ਵਾਅਦਿਆਂ ’ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਖੱਟਰ ਸਰਕਾਰ ਨੇ ਇਕ ਸਾਲ ਵਿੱਚ ਸੂਬੇ ਦੇ ਹਰ ਪਿੰਡ ਤੱਕ 24 ਘੰਟੇ ਬਿਜਲੀ ਪਹੁੰਚਾਉਣ ਦਾ ਟੀਚਾ ਰੱਖਿਆ ਹੈ। ਬਿਜਲੀ ਅਤੇ ਊਰਜਾ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਸੂਬੇ ਦੇ ਹਰ ਘਰ ਵਿੱਚ 24 ਘੰਟੇ ਬਿਜਲੀ ਪਹੁੰਚਾਉਣ ਲਈ ਕੰਮ ਕਰ ਰਹੀ ਹੈ। ਹੁਣ ਤੱਕ 7350 ਵਿੱਚੋਂ 5600 ਪਿੰਡਾਂ ਵਿੱਚ 24 ਘੰਟੇ ਬਿਜਲੀ ਪਹੁੰਚਾ ਦਿੱਤੀ ਗਈ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸੂਬੇ ਵਿੱਚ ਬਿਜਲੀ ਚੋਰੀ ਦੇ ਕੇਸਾਂ ਨੂੰ ਘਟਾਇਆ ਹੈ ਤੇ ਬਿਜਲੀ ਨਿਗਮ ਨੂੰ ਘਾਟੇ ਵਿੱਚੋਂ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਟਿਊਬਵੈਲ ਦੇ ਨਵੇਂ ਕੁਨੈਕਸ਼ਨ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੋਲਰ ਊਰਜਾ ਦੇ ਟਿਊਬਵੈੱਲ ਕੁਨੈਕਸ਼ਨ ਦੇਣ ਵਿੱਚ ਹਰਿਆਣਾ ਦੇਸ਼ ਵਿੱਚ ਮੋਹਰੀ ਹੈ ਜਿਸ ਨੇ ਹੁਣ ਤੱਕ 33 ਹਜ਼ਾਰ ਕੁਨੈਕਸ਼ਨ ਦੇ ਦਿੱਤੇ ਹਨ ਜਦੋਂਕਿ ਟੀਚਾ 50 ਹਜ਼ਾਰ ਕੁਨੈਕਸ਼ਨ ਦੇਣ ਦਾ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਵਿੱਚ ਲੋਕਾਂ ਨੂੰ 200 ਯੂਨਿਟ ਮੁਫ਼ਤ ਬਿਜਲੀ ਦਿੱਤੀ ਹੈ, ਜਦੋਂਕਿ ਪੰਜਾਬ ਵਿੱਚ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ ਕੀਤਾ ਹੈ।