ਤਰਨ ਤਾਰਨ: ਕਰਨਬੀਰ ਸਿੰਘ ਬੁਰਜ ਕਾਂਗਰਸ ਦੇ ਉਮੀਦਵਾਰ
ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੀਨੀਅਰ ਆਗੂ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੈਣੂਗੋਪਾਲ ਨੇ ਕੀਤਾ ਹੈ। ਵੈਣੂਗੋਪਾਲ ਨੇ...
ਪੰਜਾਬ ਦੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਨੇ ਸੀਨੀਅਰ ਆਗੂ ਕਰਨਬੀਰ ਸਿੰਘ ਬੁਰਜ ਨੂੰ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਕਾਂਗਰਸ ਪਾਰਟੀ ਦੇ ਕੌਮੀ ਜਨਰਲ ਸਕੱਤਰ ਕੇ ਸੀ ਵੈਣੂਗੋਪਾਲ ਨੇ ਕੀਤਾ ਹੈ। ਵੈਣੂਗੋਪਾਲ ਨੇ ਕਿਹਾ ਹੈ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਕਰਨਬੀਰ ਸਿੰਘ ਬੁਰਜ ਦੇ ਨਾਮ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਹਾਲਾਂਕਿ, ਪਿਛਲੇ ਦਿਨੀਂ ਅਨਿਲ ਜੋਸ਼ੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ’ਤੇ ਇਸ ਸੀਟ ਤੋਂ ਉਨ੍ਹਾਂ ਦੇ ਨਾਮ ਦੀਆਂ ਚਰਚਾਵਾਂ ਚੱਲ ਰਹੀਆਂ ਸਨ, ਪਰ ਉਨ੍ਹਾਂ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਅੰਮ੍ਰਿਤਸਰ ਦੇ ਲੋਕਾਂ ਦੀ ਸੇਵਾ ਕਰਦੇ ਆਏ ਹਨ ਅਤੇ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ, ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਆਪੋ ਆਪਣੇ ਉਮੀਦਵਾਰ ਐਲਾਨ ਚੁੱਕੀਆਂ ਹਨ। ‘ਆਪ’ ਨੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ ਜਦੋਂ ਕਿ ਭਾਜਪਾ ਨੇ ਹਰਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ। ਦੱਸਣਾ ਬਣਦਾ ਹੈ ਕਿ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਉਮੀਦਵਾਰ ਕਸ਼ਮੀਰ ਸਿੰਘ ਸੋਹਲ ਨੇ ਜਿੱਤ ਹਾਸਲ ਕੀਤੀ ਸੀ। ਉਸ ਵੇਲੇ ਅਕਾਲੀ ਦਲ ਦੂਜੇ ਅਤੇ ਕਾਂਗਰਸ ਤੀਜੇ ਸਥਾਨ ’ਤੇ ਰਹੀ ਸੀ ਪਰ ‘ਆਪ’ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਲੰਘੇ ਜੂਨ ਮਹੀਨੇ ਵਿੱਚ ਦੇਹਾਂਤ ਹੋਣ ਕਾਰਨ ਇਹ ਸੀਟ ਖਾਲ੍ਹੀ ਹੋ ਗਈ ਸੀ।