ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 22 ਮਾਰਚ
ਅੰਬਾਲਾ ਸ਼ਹਿਰ ਵਿੱਚ ਅਧਿਆਪਕ ਵੱਲੋਂ ਟਿਊਸ਼ਨ ਪੜ੍ਹਨ ਆਉਂਦੀ 10ਵੀਂ ਜਮਾਤ ਦੀ ਨਾਬਾਲਗ ਲੜਕੀ ਨਾਲ ਕਥਿਤ ਤੌਰ ’ਤੇ ਜਬਰ-ਜਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਕਈ ਵਾਰ ਲੜਕੀ ਦਾ ਸਰੀਰਕ ਸ਼ੋਸ਼ਣ ਕਰ ਚੁੱਕਿਆ ਸੀ ਜਿਸ ਦੇ ਨਤੀਜੇ ਵਜੋਂ ਉਹ ਪਿਛਲੇ ਦੋ ਮਹੀਨਿਆਂ ਤੋਂ ਗਰਭਵਤੀ ਹੈ। ਪੁਲੀਸ ਨੇ ਪ੍ਰਿੰਸ ਨਾਂ ਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਦੇ ਹੁਕਮਾਂ ਤੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਲੜਕੀ ਆਪਣੇ ਮਾਪਿਆਂ ਨੂੰ ਪੇਟ ਵਿੱਚ ਦਰਦ ਹੋਣ ਦੀ ਸ਼ਿਕਾਇਤ ਕਰ ਰਹੀ ਸੀ। ਮਾਪਿਆਂ ਨੇ ਜਦੋਂ ਡਾਕਟਰ ਨੂੰ ਦਿਖਾਇਆ ਤਾਂ ਪਤਾ ਲੱਗਿਆ ਕਿ ਉਹ ਦੋ ਮਹੀਨਿਆਂ ਤੋਂ ਗਰਭਵਤੀ ਹੈ। ਪੁੱਛ-ਗਿੱਛ ਵਿੱਚ ਉਸ ਨੇ ਸਾਰੀ ਗੱਲ ਮਾਪਿਆਂ ਨੂੰ ਦੱਸ ਦਿੱਤੀ ਜਿਨ੍ਹਾਂ ਨੇ ਪੁਲੀਸ ਕੋਲ ਸ਼ਿਕਾਇਤ ਕੀਤੀ। ਪੁਲੀਸ ਨੇ ਸ਼ਨਿੱਚਰਵਾਰ ਦੇਰ ਰਾਤ ਪ੍ਰਿੰਸ (25) ਨੂੰ ਉਸ ਦੇ ਘਰ ਦੇ ਬਾਹਰੋਂ ਗ੍ਰਿਫ਼ਤਾਰ ਕਰ ਲਿਆ ਅਤੇ ਕੱਲ੍ਹ ਅਦਾਲਤ ਵਿਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ। ਮਹਿਲਾ ਥਾਣੇ ਦੀ ਇੰਚਾਰਜ ਦਵਿੰਦਰ ਕੌਰ ਨੇ ਦੱਸਿਆ ਕਿ ਮੈਡੀਕਲ ਦੇ ਦੌਰਾਨ ਬੱਚੀ ਦਾ ਡੀਐੱਨਏ ਟੈਸਟ ਵੀ ਕਰਾਇਆ ਗਿਆ ਹੈ ਅਤੇ ਦੇਖ-ਭਾਲ ਲਈ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਲੜਕੇ ਦੇ ਖ਼ਿਲਾਫ਼ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰ ਕੇ ਜੇਲ੍ਹ ਭਿਜਵਾ ਦਿੱਤਾ ਗਿਆ ਹੈ।